ਪੰਜਾਬ ਵਿੱਚ ਏ.ਆਈ.ਐਫ. ਸਕੀਮ ਤਹਿਤ 32,823 ਪ੍ਰੋਜੈਕਟਾਂ ਲਈ 7,597 ਕਰੋੜ ਰੁਪਏ ਮਨਜ਼ੂਰ, 7,132 ਕਰੋੜ ਲਾਭਪਾਤਰੀਆਂ ਨੂੰ ਜਾਰੀ : ਮੋਹਿੰਦਰ ਭਗਤ
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਬਾਗਬਾਨੀ ਮੰਤਰੀ
ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗਮ ਦਾ ਆਯੋਜਨ
ਚੰਡੀਗੜ੍ਹ, 19 ਮਾਰਚ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ।
ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜੈਕਟ ਮਨਜ਼ੂਰ ਕਰਾਉਣ ਵਾਲੇ ਦੇਸ਼ ਦੇ ਉੱਪਰਲੇ ਜ਼ਿਲ੍ਹਿਆਂ ਵਿੱਚੋਂ 8 ਜ਼ਿਲ੍ਹੇ ਪੰਜਾਬ ਦੇ ਹਨ। ਇਨ੍ਹਾਂ ਵਿੱਚ ਲੁਧਿਆਣਾ (3,650 ਪ੍ਰੋਜੈਕਟ), ਸੰਗਰੂਰ (3,155), ਬਠਿੰਡਾ (3,049), ਪਟਿਆਲਾ (2,970), ਫਾਜ਼ਿਲਕਾ (2,844), ਸ੍ਰੀ ਮੁਕਤਸਰ ਸਾਹਿਬ (2,246), ਮੋਗਾ (1,758) ਅਤੇ ਫਿਰੋਜ਼ਪੁਰ (1,680) ਸ਼ਾਮਲ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ ਜੋ ਕਿ ਅਗਲੇ 10 ਸਾਲਾਂ ਦੌਰਾਨ ਸੁਰੂ ਕੀਤੇ ਜਾਣਗੇ ।
ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਨੇ ਸਤੰਬਰ 2024 ਅਤੇ ਜਨਵਰੀ 2026 ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਰਾਜ ਵਜੋਂ ਵੱਜੋਂ ਪੁਰਸਕਾਰ ਹਾਸਲ ਕੀਤੇ ਹਨ। ਇਸ ਸਮਾਗਮ ਦੌਰਾਨ ਸਫਲਤਾ ਦੀਆਂ ਕਹਾਣੀਆਂ ‘ਤੇ ਇੱਕ ਕਿਤਾਬਚਾ ਜਾਰੀ ਕੀਤਾ ਗਿਆ।
ਇਸ ਤੋਂ ਪਹਿਲਾਂ ਬਾਗਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਬਾਗਬਾਨੀ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵੀ ਇਸ ਸਕੀਮ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਇਹ ਆਈਐਫ ਸਕੀਮ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਵੱਖ ਵੱਖ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਡਿਪਟੀ ਡਾਇਰੈਕਟਰ ਬਾਗਬਾਨੀ, ਲੀਡ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਨੂੰ ਪੁਰਸਕਾਰ ਦੇਖੇ ਸਨਮਾਨਿਤ ਕੀਤਾ ਗਿਆ ।
ਇਸ ਤੋਂ ਇਲਾਵਾ ਸਟੇਟ ਬੈਂਕ ਆਫ਼ ਇੰਡੀਆ ਨੂੰ ਇਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ, ਉਸ ਤੋਂ ਬਾਅਦ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਯੂਨੀਅਨ ਬੈਂਕ ਆਫ਼ ਇੰਡੀਆ, ਪੰਜਾਬ ਗ੍ਰਾਮੀਣ ਬੈਂਕ ਅਤੇ ਐਚਡੀਐਫਸੀ ਬੈਂਕ ਸ਼ਾਮਿਲ ਹਨ।
ਇਸ ਸਮਾਗਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਬੈਂਕਿੰਗ ਅਤੇ ਕਰਜ਼ਾ ਦੇਣ ਵਾਲੀਆਂ ਵੱਖ ਵੱਖ ਸੰਸਥਾਵਾਂ ਦੇ ਰਾਜ ਪੱਧਰੀ ਨੁਮਾਇੰਦੇ, ਕਿਸਾਨ ਅਤੇ ਵਿਭਾਗ ਹੋਰ ਅਧਿਕਾਰੀ ਮੌਜੂਦ ਸਨ।
