ਬਾਜਵਾ ਨੇ ਅਫਸਰ ਦੀ ਮੌਤ ਮਾਮਲੇ ਵਿੱਚ ਐਫਆਈਆਰ ਤੇ ਸੀਬੀਆਈ ਜਾਂਚ ਦੀ ਮੰਗ ਕੀਤੀ

ਚੰਡੀਗੜ੍ਹ, 21 ਮਾਰਚ 2026 (ਦੀ ਪੰਜਾਬ ਵਾਇਰ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਗੁਰਪ੍ਰੀਤ ਔਜਲਾ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ, ਸਾਬਕਾ ਸੰਸਦ ਮੈਂਬਰ ਜਸਬੀਰ ਦਿੰਪਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵਰਕਾ, ਜੋਗਿੰਦਰ ਪਾਲ ਢੀਂਗਰਾ ਅਤੇ ਸਾਬਕਾ ਡੀਸੀਸੀ ਅਸ਼ਵਨੀ ਪੱਪੀ ਨਾਲ ਮਿਲ ਕੇ ਅੱਜ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਦੁਖੀ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਦੁੱਖਦਾਈ ਹਾਲਾਤਾਂ ਵਿੱਚ ਖੁਦਕੁਸ਼ੀ ਕਰ ਲਈ।

ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਮੌਤ ਦੇ ਆਲੇ-ਦੁਆਲੇ ਦੀਆਂ ਸਥਿਤੀਆਂ ਬਹੁਤ ਹੀ ਚਿੰਤਾਜਨਕ ਹਨ ਅਤੇ ਕਈ ਗੰਭੀਰ ਸਵਾਲ ਖੜੇ ਕਰਦੀਆਂ ਹਨ, ਜਿਨ੍ਹਾਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦਿੱਤਾ ਕਿ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਜ਼ਿੰਮੇਵਾਰੀ ਹਰ ਹਾਲਤ ਵਿੱਚ ਨਿਸ਼ਚਿਤ ਕੀਤੀ ਜਾਣੀ ਚਾਹੀਦੀ ਹੈ।

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਲਲਜੀਤ ਸਿੰਘ ਭੁੱਲਰ ਖ਼ਿਲਾਫ਼ ਗੰਭੀਰ ਦੋਸ਼ ਸਾਹਮਣੇ ਆਏ ਹਨ, ਜਿਵੇਂ ਕਿ ਸਰੀਰਕ ਹਿੰਸਾ, ਜ਼ਬਰਦਸਤੀ ਅਤੇ ਲਗਾਤਾਰ ਤੰਗ ਪਰੇਸ਼ਾਨੀ। ਰਿਪੋਰਟਾਂ ਮੁਤਾਬਕ ਗਗਨਦੀਪ ਸਿੰਘ ਰੰਧਾਵਾ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਮੰਤਰੀ ਦਾ ਨਾਮ ਲਿਆ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਤੇ ₹10 ਲੱਖ ਦੀ ਰਿਸ਼ਵਤ ਲੈਣ ਦੀ ਝੂਠੀ ਕਬੂਲੀ ਕਰਵਾਉਣ, ਟੈਂਡਰਾਂ ਵਿੱਚ ਹੇਰਾਫੇਰੀ ਕਰਨ ਅਤੇ ਧਮਕੀਆਂ ਦੇਣ ਲਈ ਦਬਾਅ ਬਣਾਇਆ ਗਿਆ।

ਇਸ ਤਰ੍ਹਾਂ ਦੇ ਗੰਭੀਰ ਮਾਮਲੇ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਮੇਰੀ ਪਹਿਲੀ ਮੰਗ ਹੈ ਕਿ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ। ਲਲਜੀਤ ਸਿੰਘ ਭੁੱਲਰ ਨੂੰ ਬਿਨਾ ਦੇਰੀ ਗ੍ਰਿਫਤਾਰ ਕੀਤਾ ਜਾਵੇ ਅਤੇ ਮਾਮਲਾ ਨਿਰਪੱਖ ਤੇ ਪਾਰਦਰਸ਼ੀ ਜਾਂਚ ਲਈ ਸੀਬੀਆਈ ਨੂੰ ਸੌਂਪਿਆ ਜਾਵੇ,” ਬਾਜਵਾ ਨੇ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਜਾਂ ਐਮਜ਼ ਵਿੱਚ ਕਰਵਾਇਆ ਜਾਵੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਮ੍ਰਿਤਕ ਨਾਲ ਮੰਤਰੀ ਜਾਂ ਉਸਦੇ ਸਾਥੀਆਂ ਵੱਲੋਂ ਸਰੀਰਕ ਹਿੰਸਾ ਕੀਤੀ ਗਈ ਸੀ ਜਾਂ ਨਹੀਂ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਜ਼ਿੰਮੇਵਾਰੀ ਪੰਜਾਬ ਸਰਕਾਰ, ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ, ਅਤੇ ਪੰਜਾਬ ਪੁਲਿਸ ਉੱਤੇ ਹੈ ਕਿ ਉਹ ਸਾਬਤ ਕਰਨ ਕਿ ਕਾਨੂੰਨ ਦੀ ਹਕੂਮਤ ਕਾਇਮ ਹੈ ਅਤੇ ਇਹ ਹਰ ਕਿਸੇ ਤੇ ਬਰਾਬਰ ਲਾਗੂ ਹੁੰਦੀ ਹੈ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਤਾਕਤ ਵਿੱਚ ਹੋਵੇ। ਇਸ ਮਾਮਲੇ ਵਿੱਚ ਕੋਈ ਵੀ ਦੇਰੀ ਜਾਂ ਲਾਪਰਵਾਹੀ ਲੋਕਾਂ ਦੇ ਭਰੋਸੇ ਨੂੰ ਹੋਰ ਘਟਾਏਗੀ ਅਤੇ ਸਰਕਾਰ ਦੀ ਨੀਅਤ ਤੇ ਸਵਾਲ ਖੜੇ ਕਰੇਗੀ।

ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਨਿਆਂਧੀਸ਼ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਦਾ ਸੁਓ ਮੋਟੋ ਨੋਟਿਸ ਲਿਆ ਜਾਵੇ ਤਾਂ ਜੋ ਇਨਸਾਫ ਵਿੱਚ ਦੇਰੀ ਨਾ ਹੋਵੇ।

ਇਹ ਰਾਜਨੀਤੀ ਦਾ ਮਾਮਲਾ ਨਹੀਂ ਹੈ। ਇਹ ਇਨਸਾਫ, ਜ਼ਿੰਮੇਵਾਰੀ ਅਤੇ ਇਮਾਨਦਾਰ ਅਧਿਕਾਰੀਆਂ ਦੀ ਰੱਖਿਆ ਦਾ ਮਾਮਲਾ ਹੈ। ਇਸ ਤਰ੍ਹਾਂ ਦੇ ਹਾਲਾਤਾਂ ਵਿੱਚ ਇੱਕ ਸਰਕਾਰੀ ਅਧਿਕਾਰੀ ਦੀ ਦੁੱਖਦਾਈ ਮੌਤ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਚਿੰਤਾਜਨਕ ਸਥਿਤੀ ਨੂੰ ਫਿਰ ਬੇਨਕਾਬ ਕੀਤਾ ਹੈ,” ਉਨ੍ਹਾਂ ਕਿਹਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਸੱਤਾ ਵਿੱਚ ਬੈਠੇ ਲੋਕ ਬੇਰੋਕ-ਟੋਕ ਤਰੀਕੇ ਨਾਲ ਵਰਤਾਅ ਕਰਦੇ ਨਜ਼ਰ ਆਉਂਦੇ ਹਨ, ਤਾਂ ਇਸ ਨਾਲ ਲੋਕਾਂ ਦਾ ਭਰੋਸਾ ਬਹੁਤ ਹੱਦ ਤੱਕ ਘਟਦਾ ਹੈ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਤੇ ਗੰਭੀਰ ਸਵਾਲ ਖੜੇ ਹੁੰਦੇ ਹਨ।

ਬਾਜਵਾ ਨੇ ਦੁਹਰਾਇਆ ਕਿ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਸੱਚ ਸਾਹਮਣੇ ਆਉਣ ਤੱਕ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣ ਤੱਕ ਇਨਸਾਫ ਦੀ ਲੜਾਈ ਜਾਰੀ ਰੱਖੇਗੀ।

Exit mobile version