ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਜਾਂ ਤਾਂ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ: ਬਿਕਰਮ ਸਿੰਘ ਮਜੀਠੀਆ

ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀ ਏ ਦੀ ਗ੍ਰਿਫਤਾਰੀ ਅਤੇ ਡਾ. ਰੰਧਾਵਾ ਦੀਆਂ ਅਪੀਲਾਂ ਨਾ ਸੁਣਨ ਵਾਲੇ ਅਫਸਰਾਂ ਦੀ ਭੂਮਿਕਾ ਦੀ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 23 ਮਾਰਚ 2026 (ਦੀ ਪੰਜਾਬ ਵਾਇਰ)– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਜਾਂ ਤਾਂ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ ਅਤੇ ਉਹਨਾਂ ਮੰਗ ਕੀਤੀ ਕਿ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਨਿੱਜੀ ਸਹਾਇਕ ਦੀ ਗ੍ਰਿਫਤਾਰੀ ਕੀਤੀ ਜਾਵੇ ਤੇ ਉਹਨਾਂ ਅਫਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਜਿਹਨਾਂ ਨੇ ਡਾ. ਰੰਧਾਵਾ ਦੀਆਂ ਅਪੀਲਾਂ ’ਤੇ ਸੁਣਵਾਈ ਨਹੀਂ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵਿਰੋਧੀ ਧਿਰ ਦੇ ਸਾਰੇ ਆਗੂਆਂ, ਕਿਸਾਨ ਸੰਗਠਨਾਂ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਯੂਨੀਅਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਕਜੁੱਟ ਹੋ ਕੇ ਮੁਜ਼ਾਹਰਾ ਕੀਤਾ ਜਿਸ ਸਦਕਾ ਅੱਜ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਹੋਈ ਹੈ ਤੇ ਨਾਲ ਹੀ ਉਹਨਾਂ ਨੇ ਡਾ. ਰੰਧਾਵਾ ਦੇ ਪਰਿਵਾਰ ਦੀ ਸ਼ਲਾਘਾ ਕੀਤੀ ਜੋ ਆਮ ਆਦਮੀ ਪਾਰਟੀ (ਆਪ) ਦੇ ਵੱਡੇ ਦਬਾਅ ਅੱਗੇ ਡਟਿਆ ਰਿਹਾ ਤੇ ਡਾ. ਰੰਧਾਵਾ ਲਈ ਇਨਸਾਫ ਦੀ ਮੰਗ ਕਰਦਾ ਰਿਹਾ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਕੇਸ ਸਿਰਫ ਡਾ. ਰੰਧਾਵਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਤੇ ਉਹਨਾਂ ਦੀ ਕੁੱਟਮਾਰ ਨਾਲ ਸਬੰਧਤ ਨਹੀਂ ਹੈ, ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਲਾਲਜੀਤ ਭੁੱਲਰ ਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦਾ ਵਿਆਪਕ ਭ੍ਰਿਸ਼ਟਾਚਾਰ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵੇਅਰ ਹਾਊਸਿੰਗ ਦੇ ਐਮ ਡੀ ਗੌਤਮ ਜੈਨ ਤੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਜਿਹਨਾਂ ਨੇ ਅਫਸਰਾਂ ਦੀਆਂ ਵਾਰ-ਵਾਰ ਕੀਤੀਆਂ ਅਪੀਲਾਂ ’ਤੇ ਗੌਰ ਨਹੀਂ ਕੀਤੀ, ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤੇ ਇਸੇ ਵਾਸਤੇ ਸੀ ਬੀ ਆਈ ਜਾਂਚ ਜ਼ਰੂਰੀ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ’ਤੇ ’ਕੈਸ਼ ਤੇ ਫਰਮਾਇਸ਼’ ਦੀ ਮੰਗ ਨਾ ਕਰਨ ਦੀ ਕੀਤੀ ਟਿੱਪਣੀ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਵਿਰੋਧੀ ਧਿਰ ਦੇ ਨਾਲ-ਨਾਲ ਯੂਨੀਅਨਾਂ ਦੇ ਸਾਂਝੇ ਦਬਾਅ ਅਤੇ ਰੰਧਾਵਾ ਪਰਿਵਾਰ ਤੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸੀ ਬੀ ਆਈ ਜਾਂਚ ਦੀ ਤਿਆਰੀ ਵਾਸਤੇ ਦਿੱਤੇ ਬਿਆਨ ਕਾਰਨ ਆਪ ਸਰਕਾਰ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕਰਨ ਵਾਸਤੇ ਮਜਬੂਰ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ 21 ਮਾਰਚ ਤੋਂ ਭੁੱਲਰ ਦਾ ਬਚਾਅ ਕਰ ਰਹੀ ਹੈ। ਪਹਿਲਾਂ 24 ਘੰਟਿਆਂ ਤੱਕ ਕੇਸ ਦਰਜ ਨਹੀਂ ਕੀਤਾ ਗਿਆ। ਇਸ ਮਗਰੋਂ ਸਰਕਾਰ ਨੇ ਨਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਤੇ ਨਾ ਹੀ ਉਸਦਾ ਅਸਤੀਫਾ ਰਾਜਪਾਲ ਨੂੰ ਭੇਜਿਆ। ਉਹਨਾਂ ਕਿਹਾ ਕਿ ਜਦੋਂ ਸਰਕਾਰ ਸਾਰੇ ਪਾਸਿਆਂ ਤੋਂ ਘਿਰ ਗਈ ਤਾਂ ਅੱਜ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚਮੁੱਚ ਹੀ ਸਾਰੇ ਸੂਬੇ ਅਤੇ ਪੀੜਤ ਪਰਿਵਾਰ ਨੂੰ ਆਪਣਾ ਪਰਿਵਾਰ ਮੰਨਦੇ ਹਨ ਤਾਂ ਉਹਨਾਂ ਨੂੰ ਕੇਸ ਵਿਚ ਸੀ ਬੀ ਆਈ ਜਾਂਚ ਤੋਂ ਕੋਈ ਪਰਹੇਜ਼ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਐਮ ਪੀਜ਼ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਇਹ ਮੰਗ ਨਹੀਂ ਕਰ ਰਹੇ, ਇਸ ਤੋਂ ਹੀ ਸਪਸ਼ਟ ਹੋ ਜਾਂਦਾ ਹੈ ਕਿ ਉਹ ਕੇਸ ਦੀ ਨਿਰਪੱਖ ਜਾਂਚ ਦਾ ਵਿਰੋਧ ਕਰਨ ਵਿਚ ਆਪ ਸਰਕਾਰ ਦੇ ਨਾਲ ਡਟੇ ਹੋਏ ਹਨ।

Exit mobile version