ਮੁੱਖ ਮੰਤਰੀ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਖਰੀਦ ਦੇ ਸੁਚੱਜੇ ਪ੍ਰਬੰਧ ਨਾ ਕਰਨ ਦੀ ਕੀਤੀ ਨਿਖੇਧੀ
ਗੁਰਦਾਸਪੁਰ ਵਿਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ
ਗੁਰਦਾਸਪੁਰ, 28 ਮਾਰਚ 2026 (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਚ ਅਕਾਲੀ ਦਲ ਦੀਆਂ ਸਰਕਾਰਾਂ ਵੱਲੋ਼ ਸ਼ੁਰੂ ਕੀਤੀਆਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਦੱਸ ਕੇ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਦੇ ਲੋਕਾਂ ਨਾਲ ਧੋਖਾ ਕਰਨ ਦਾ ਯਤਨ ਕਰ ਰਹੀ ਹੈ।
ਇਥੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਨਾਲ ਰਲ ਕੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬੀਤੇ ਕੱਲ੍ਹ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਆਪ ਸਰਕਾਰ ਨੇ ਪੰਜਾਬ ਵਿਚ ਹਰ 4 ਕਿਲੋਮੀਟਰ ’ਤੇ ਮੰਡੀ ਸਥਾਪਿਤ ਕੀਤੀ ਹੈ ਅਤੇ ਇਹੀ ਉਹ ਗੁਜਰਾਤ ਵਿਚ ਕਰੇਗੀ। ਉਹਨਾਂ ਕਿਹਾ ਕਿ ਅੱਜ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਝੂਠ ਦਾ ਸਿਖ਼ਰ ਹੀ ਲਗਾ ਦਿੱਤਾ ਜਦੋਂ ਦਾਅਵਾ ਕੀਤਾ ਕਿ ਆਪ ਉਸੇ ਤਰੀਕੇ ਗੁਜਰਾਤ ਵਿਚ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ ਮੁਫਤ ਬਿਜਲੀ ਦੇਵੇਗੀ ਜਿਵੇਂ ਪੰਜਾਬ ਵਿਚ ਪਾਰਟੀ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਲੋਕ ਇਹ ਵੀ ਐਲਾਨ ਕਰ ਰਹੇ ਹਨ ਕਿ ਪੰਜਾਬ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣਾ ਸ਼ੁਰੂ ਕੀਤਾ ਗਿਆ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਹਾਲੇ ਤੱਕ ਇਹ ਸਕੀਮ ਸ਼ੁਰੂ ਵੀ ਨਹੀਂ ਕੀਤੀ ਗਈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਧੋਖਾ ਹੁਣ ਗੁਜਰਾਤ ਅਤੇ ਪੰਜਾਬ ਵਿਚ ਆਪ ਨੂੰ ਲਾਹਾ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਹਰ ਕਿਸੇ ਨੇ ਮਹਿਸੂਸ ਕਰ ਲਿਆ ਹੈ ਕਿ ਇਹ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ’ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕਰਦੀ ਹੈ ਪਰ ਜ਼ਮੀਨੀ ਪੱਧਰ ’ਤੇ ਕੁਝ ਵੀ ਨਹੀਂ ਕਰਦੀ।
ਸਰਦਾਰ ਬਾਦਲ ਨੇ ਸਰਕਾਰ ਵੱਲੋਂ ਮਿਲਕਫੈਡ ਵੇਰਕਾ ਪਾਊਡਰ ਘੁਟਾਲੇ ਵਿਚ ਜੂਨੀਅਰ ਅਫਸਰਾਂ ਦੇ ਖਿਲਾਫ ਕਾਰਵਾਈ ਕਰ ਕੇ ਮਾਮਲੇ ’ਤੇ ਪਰਦਾ ਪਾਉਣ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਭਾਰਤੀ ਫੌਜ ਵੱਲੋਂ ਮਿਲਕਫੈਡ ਵੱਲੋਂ ਸਪਲਾਈ ਕੀਤੇ ਦੁੱਧ ਪਾਊਡਰ ਨੂੰ ਰੱਦ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮਿਲਕਫੈਡ ਵਿਚ ਭ੍ਰਿਸ਼ਟਾਚਾਰ ਅਸਲ ਵਿਚ ਸਿਖ਼ਰ ਤੋਂ ਸ਼ੁਰੂ ਹੁੰਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਸਹਿਕਾਰਤਾ ਮੰਤਰਾਲੇ ਦਾ ਕੰਮ ਵੇਖ ਰਹੇ ਹਨ ਤਾਂ ਉਹਨਾਂ ਤੋਂ ਖੁਦ ਦੇ ਖਿਲਾਫ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਤੇ ਜੋ ਪੰਜਾਬ ਦਾ ਕੌਮੀ ਪੱਧਰ ’ਤੇ ਅਕਸ ਖਰਾਬ ਕਰ ਰਹੇ ਹਨ, ਉਹਨਾਂ ਨੂੰ ਸਜ਼ਾ ਦੁਆਈ ਯਕੀਨੀ ਬਣਾਈ ਜਾ ਸਕਦੀ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਖਰੀਦ ਦੇ ਸੁਚੱਜੇ ਪ੍ਰਬੰਧ ਨਾ ਕਰਨ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਗਲੇ 10 ਦਿਨਾਂ ਵਿਚ ਮੰਡੀਆਂ ਵਿਚ ਕਣਕ ਆਉਣੀ ਸ਼ੁਰੂ ਹੋ ਜਾਵੇਗੀ ਪਰ ਸਰਕਾਰ ਨੇ ਹਾਲੇ ਤੱਕ ਬਾਰਦਾਨੇ ਦਾ ਪ੍ਰਬੰਧ ਨਹੀਂ ਕੀਤਾ ਅਤੇ ਖੁਦ ਪ੍ਰਵਾਨ ਕਰ ਰਹੀ ਹੈ ਕਿ ਉਸ ਕੋਲ ਅਨਾਜ ਭੰਡਾਰ ਕਰਨ ਵਾਸਤੇ ਲੋੜੀਂਦੀ ਥਾਂ ਮੌਜੂਦ ਨਹੀਂ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਦੋ ਮਹੀਨੇ ਪਹਿਲਾਂ ਇਹ ਸਾਰੇ ਇੰਤਜ਼ਾਮ ਕਰ ਦਿੰਦੇ ਸਨ।
ਸਰਦਾਰ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਸਿਰਫ ਲੁੱਟ ਵਿਚ ਵਿਸ਼ਵਾਸ ਰੱਖਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਤੁਹਾਡੇ ਸੇਵਾ ਵਾਸਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਾਸਤੇ ਵਿਜ਼ਨ ਦਸਤਾਵੇਜ਼ ਤਿਆਰ ਕੀਤਾ ਹੈ ਜੋ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲਾਗੂ ਕੀਤਾ ਜਾਵੇਗਾ।
ਦਸਤਾਵੇਜ਼ ਦੇ ਵੇਰਵੇ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਇਹ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਸਿੱਖਲਾਈ ਦੇਵੇਗੀ ਅਤੇ ਇਸਦੇ ਕੇਂਦਰ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।
ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਪੰਜਾਬ ਵਿਚ ਉਦਯੋਗ ਸਥਾਪਿਤ ਕਰਨ ਵਾਲੇ ਸਾਰੇ ਨਿਵੇਸ਼ਕਾਂ ਲਈ 75 ਫੀਸਦੀ ਨੌਕਰੀਆਂ ਸਿਰਫ ਪੰਜਾਬੀ ਨੌਜਵਾਨਾਂ ਨੂੰ ਦੇਣਾ ਲਾਜ਼ਮੀ ਕੀਤਾ ਜਾਵੇਗਾ।
ਇਸ ਮੌਕੇ ਸੁੱਚਾ ਸਿੰਘ ਲੰਗਾਹ, ਡਾ. ਦਲਜੀਤ ਸਿੰਘ ਚੀਮਾ, ਲਖਬੀਰ ਸਿੰਘ ਲੋਧੀਨੰਗਲ, ਗੁਰਇਕਬਾਲ ਸਿੰਘ ਮਾਹਲ ਤੇ ਰਾਜਬੀਰ ਘੁੰਮਣ ਵੀ ਹਾਜ਼ਰ ਸਨ।