ਰੋਜ਼ਾਨਾ ਦੇ ਆਧਾਰ ’ਤੇ ਸਮੀਖਿਆ ਕਰਨ ਦੀ ਹਦਾਇਤ, ਘੱਟ ਮੈਪਿੰਗ ਵਾਲੇ ਬੂਥਾਂ ’ਤੇ ਵਿਸ਼ੇਸ਼ ਤਵਜੋਂ ਦੇਣ ਲਈ ਕਿਹਾ
ਸੂਬੇ ’ਚ ਪ੍ਰੀ ਐਸ.ਆਈ.ਆਰ. ਗਤੀਵਿਧੀ ਤਹਿਤ ਕੁੱਲ ਵੋਟਰਾਂ ’ਚੋਂ 72.26 ਫੀਸਦੀ ਦੀ ਸਫ਼ਲਤਾਪੂਰਵਕ ਮੈਪਿੰਗ : ਮੁੱਖ ਚੋਣ ਅਧਿਕਾਰੀ
ਜਲੰਧਰ, 31 ਮਾਰਚ 2026 (ਦੀ ਪੰਜਾਬ ਵਾਇਰ)–ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇਰੀ ਜਾਂ ਕਮੀ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਘੱਟ ਮੈਪਿੰਗ ਵਾਲੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਤਵਜੋਂ ਦੇਣ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਵਿਧਾਨ ਸਭਾ ਹਲਕਾ ਵਾਰ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕਰਦਿਆਂ ਮੈਪਿੰਗ ਨਾਲ ਜੁੜੀਆਂ ਚੁਣੌਤੀਆਂ ਤੇ ਉਨ੍ਹਾਂ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਈ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਣ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਇਸ ਤੋਂ ਇਲਾਵਾ ਅਜਿਹੇ ਬੀ.ਐਲ.ਓਜ਼, ਜਿਨ੍ਹਾਂ ਦੀ ਕਾਰਗੁਜ਼ਾਰੀ ਘੱਟ ਹੈ, ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਮੈਪਿੰਗ ਵਿੱਚ ਤੇਜ਼ੀ ਲਿਆਉਂਦਿਆਂ ਨਿਰਧਾਰਤ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
ਚੋਣ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹੌਸਲੇ, ਹਿੰਮਤ ਅਤੇ ਉੱਦਮੀ ਸੋਚ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਕੰਮ ਵਿੱਚ ਵੀ ਸੂਬਾ ਮੋਹਰੀ ਬਣ ਕੇ ਉੱਭਰੇਗਾ। ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਨੇ ਜਾਣੂ ਕਰਵਾਇਆ ਕਿ ਸੂਬੇ ਵਿੱਚ ਪ੍ਰੀ ਐਸ.ਆਈ.ਆਰ. ਗਤੀਵਿਧੀ ਤਹਿਤ ਕੁੱਲ ਵੋਟਰਾਂ ਵਿੱਚੋਂ 72.26 ਫੀਸਦੀ ਦੀ ਸਫ਼ਲਤਾਪੂਰਵਕ ਮੈਪਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੀ ਪੋਲਿੰਗ ਬੂਥ ਵਾਈਜ਼ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੋਂ ਇਲਾਵਾ ਜਲੰਧਰ ਅਤੇ ਕਪੂਰਥਲ਼ਾ ਜ਼ਿਲ੍ਹਿਆਂ ਦੇ ਈ.ਆਰ.ਓਜ਼ ਮੌਜੂਦ ਸਨ।
