ਗੁਰਦਾਸਪੁਰ, 9 ਅਪ੍ਰੈਲ 2026 (ਮੰਨਨ ਸੈਣੀ)। ਬੁੱਧਵਾਰ ਨੂੰ ਬੱਬਰੀ ਬਾਈਪਾਸ ਉੱਤੇ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਹਾਲਚਾਲ ਜਾਣਨ ਲਈ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਲਈ।
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ। ਇਸ ਦੁਰਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜੋ ਇੱਕ ਗ਼ਰੀਬ ਪਰਿਵਾਰ ਨਾਲ ਸੰਬੰਧਿਤ ਸੀ। ਉਨ੍ਹਾਂ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਮ੍ਰਿਤਕ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ।
ਪ੍ਰਧਾਨ ਪਾਹੜਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੱਸ ਚਾਲਕਾਂ ਉੱਤੇ ਅਗਲੀਆਂ ਸਵਾਰੀਆਂ ਚੁੱਕਣ ਲਈ ਬਹੁਤ ਜ਼ਿਆਦਾ ਦਬਾਅ ਹੁੰਦਾ ਹੈ, ਜਿਸ ਕਾਰਨ ਉਹ ਬੱਸਾਂ ਦੀ ਰਫ਼ਤਾਰ ਵਧਾ ਲੈਂਦੇ ਹਨ। ਇਸੇ ਵਜ੍ਹਾ ਕਰਕੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਤੋਂ ਸਬਕ ਲੈਂਦਿਆਂ ਬੱਸਾਂ ਦੇ ਸਮਾਂ-ਸਾਰਣੀ ਵਿੱਚ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਇਸ ਦੇ ਨਾਲ ਹੀ ਉਨ੍ਹਾਂ ਬੱਬਰੀ ਬਾਈਪਾਸ ਉੱਤੇ ਬਣੇ ਕੱਟ ਨੂੰ ਵੀ ਹਾਦਸਿਆਂ ਦਾ ਮੁੱਖ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਰਾਜਮਾਰਗ ਉੱਤੇ ਕਈ ਵਾਰ ਹਾਦਸੇ ਹੋ ਚੁੱਕੇ ਹਨ, ਇਸ ਲਈ ਉੱਥੇ ਲੋੜੀਂਦੇ ਸੁਧਾਰ ਕੀਤੇ ਜਾਣੇ ਚਾਹੀਦੇ ਹਨ।
