ਮਨਪ੍ਰੀਤ ਸਿੰਘ ਇਆਲੀ ਸਰਬਸੰਮਤੀ ਨਾਲ ਬਣੇ ‘ਪੰਥਕ ਏਕਤਾ ਤਾਲਮੇਲ ਕਮੇਟੀ’ ਦੇ ਕਨਵੀਨਰ
ਜਲੰਧਰ, 18 ਅਪ੍ਰੈਲ 2026 (ਦੀ ਪੰਜਾਬ ਵਾਇਰ)। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਕਾਰ ਚੋਣ ਗਠਜੋੜ ਸਿਰੇ ਚੜ੍ਹ ਗਿਆ ਹੈ। ਸ਼ਨੀਵਾਰ ਨੂੰ ਜਲੰਧਰ ਵਿਖੇ ਦੋਵਾਂ ਦਲਾਂ ਦੀਆਂ ਤਾਲਮੇਲ ਕਮੇਟੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਦੋਵਾਂ ਕਮੇਟੀਆਂ ਨੂੰ ਰਲਾ ਕੇ ਇੱਕ ਸਾਂਝੀ ‘ਪੰਥਕ ਏਕਤਾ ਤਾਲਮੇਲ ਕਮੇਟੀ’ ਦਾ ਗਠਨ ਕੀਤਾ ਗਿਆ। ਮਨਪ੍ਰੀਤ ਸਿੰਘ ਇਆਲੀ ਨੂੰ ਸਰਬਸੰਮਤੀ ਨਾਲ ਇਸ ਕਮੇਟੀ ਦਾ ਕਨਵੀਨਰ ਚੁਣਿਆ ਗਿਆ।
ਮੀਟਿੰਗ ਵਿੱਚ ਮੈਂਬਰ ਪਾਰਲੀਮੈਂਟ ਅਮ੍ਰਿਤਪਾਲ ਸਿੰਘ ਦੀ ਐਨਐਸਏ ਰੱਦ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰੱਖਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਇਸ ਮਾਮਲੇ ਪ੍ਰਤੀ ਬਿਲਕੁਲ ਗੰਭੀਰ ਨਹੀਂ, ਜੋ ਕਿ ਮਨੁੱਖੀ ਅਧਿਕਾਰਾਂ ਦਾ ਸਿੱਧਾ ਹਨਨ ਹੈ।
ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਨਿਆਂਪਾਲਿਕਾ ਵੱਲੋਂ ਫੈਸਲਿਆਂ ਵਿੱਚ ਕੀਤੀ ਜਾ ਰਹੀ ਦੇਰੀ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ, ਜੋ ਕਿ ਇੱਕ ਲੋਕਤੰਤਰੀ ਦੇਸ਼ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਦੋਵਾਂ ਪਾਰਟੀਆਂ ਨੇ ਇੱਕਜੁੱਟ ਹੋ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਪੰਥ ਦੀ ਭਲਾਈ ਲਈ ਅਹਿਦ ਲਿਆ ਅਤੇ ਕਿਹਾ ਕਿ ਭਵਿੱਖ ਵਿੱਚ ਪੰਥਕ ਮਸਲਿਆਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਵਸਦੇ ਹਰ ਧਰਮ ਦੇ ਲੋਕਾਂ ਨਾਲ ਬਰਾਬਰੀ ਦਾ ਵਿਹਾਰ ਕੀਤਾ ਜਾਵੇਗਾ।
ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨਾਲ ਸੰਪਰਕ ਕਰਕੇ ਆਗਾਮੀ ਚੋਣਾਂ ਲਈ ਵਿਆਪਕ ਗੱਠਜੋੜ ਬਣਾਉਣ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ।
ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੀਆਂ ਤਾਲਮੇਲ ਕਮੇਟੀਆਂ ਦੇ ਆਗੂ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਅਤੇ ਰਛਪਾਲ ਸਿੰਘ ਸੋਸਣ ਹਾਜ਼ਰ ਸਨ।
