ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ 2026 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ ‘ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000/- ਰੁਪਏ ਲੈ ਲਏ ।

ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਨਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33,500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version