ਲਾਲੜੂ/ਡੇਰਾਬੱਸੀ, 21ਅਪ੍ਰੈਲ 2026 (ਦੀ ਪੰਜਾਬ ਵਾਇਰ)– ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕੀਤੀਆਂ ਗਈਆਂ ਤਿਆਰੀਆਂ, ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਦਾਇਤਾਂ ਦਿੱਤੀਆਂ।
ਕਣਕ ਦੀ ਖਰੀਦ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਖਰੀਦ ਕਾਰਜ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਆਮਦ 6500 ਮੀਟ੍ਰਿਕ ਟਨ ਰਹੀ ਹੈ, ਜਿਸ ਨਾਲ ਕੁੱਲ ਆਮਦ 99,350 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ 4800 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕੁੱਲ ਖਰੀਦ 95,931 ਮੀਟ੍ਰਿਕ ਟਨ ਹੋ ਚੁੱਕੀ ਹੈ। ਲਿਫਟਿੰਗ ਬਾਰੇ ਉਨ੍ਹਾਂ ਕਿਹਾ ਕਿ ਅੱਜ 3800 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ ਅਤੇ ਕੁੱਲ ਲਿਫਟਿੰਗ 27,956 ਮੀਟ੍ਰਿਕ ਟਨ ਤੱਕ ਪਹੁੰਚ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਬੈਠਣ ਦੀ ਸੁਵਿਧਾ ਸਮੇਤ ਸਾਰੇ ਬੁਨਿਆਦੀ ਇੰਤਜ਼ਾਮ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖੀ ਜਾਵੇ ਅਤੇ ਕਿਸਾਨਾਂ ਨੂੰ ਭੁਗਤਾਨ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਸੁਵਿਧਾਜਨਕ ਅਤੇ ਬਿਨਾ ਰੁਕਾਵਟ ਖਰੀਦ ਸੀਜ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਮੌਜੂਦ ਕਿਸਾਨਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਰਾਹਨਾ ਕੀਤੀ ਅਤੇ ਖਰੀਦ ਪ੍ਰਕਿਰਿਆ ‘ਤੇ ਸੰਤੁਸ਼ਟੀ ਜਤਾਈ।
