ਰਮਨ ਬਹਿਲ ਨੇ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ
ਗੁਰਦਾਸਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ — ਰਮਨ ਬਹਿਲ
ਗੁਰਦਾਸਪੁਰ, 25 ਅਪ੍ਰੈਲ 2026 (ਮੰਨਨ ਸੈਣੀ)। ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵੱਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਪਾਵਰ ਕਾਲੋਨੀ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਰੱਖਿਆ ਗਿਆ। ਇਸ ਮੌਕੇ ਪਾਵਰਕੌਮ ਦੇ ਬਾਰਡਰ ਜ਼ੋਨ ਦੇ ਚੀਫ਼ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਨਵੇਂ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਬਿਜਲੀ ਸਪਲਾਈ ਮੁਹੱਈਆ ਹੋਵੇਗੀ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਟੈਂਡਰ ਲੱਗ ਚੁੱਕਾ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਅੱਜ ਵੀ ਨਿਰੰਤਰ ਜਾਰੀ ਹਨ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੇ ਮੰਤਵ ਨਾਲ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ, ਜਿਸ ਸਦਕਾ ਲਗਭਗ 90 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ-ਰਾਤ ਲੋਕਾਂ ਵਿੱਚ ਹਨ ਅਤੇ ਵਿਕਾਸ ਕੰਮਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖ ਕੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।
ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਹਲਕਾ ਕੁਆਰਡੀਨੇਟਰ ਨੀਰਜ ਸਲਹੋਤਰਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ (ਮੈਂਬਰ ਜ਼ਿਲ੍ਹਾ ਪ੍ਰੀਸ਼ਦ), ਕੁਲਦੀਪ ਸਿੰਘ ਆਕਸੀਜਨ, ਚੇਅਰਮੈਨ ਰਜਿੰਦਰ ਨੰਦਾ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।