ਗੁਰਦਾਸਪੁਰ, 30 ਅਪ੍ਰੈਲ 2026 (ਮੰਨਨ ਸੈਣੀ)। ਪੰਜਾਬ ਭਰ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਗਰਮੀ ਦੇ ਮੌਸਮ ਵਿੱਚ ਵੱਧ ਰਹੀ ਬਿਜਲੀ ਦੀ ਕਮੀ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਮਸਲੇ ਨੂੰ ਲੈ ਕੇ ਗੁਰਦਾਸਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ।
ਅੱਜ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਰਕਲ ਦਫ਼ਤਰ ਸਾਹਮਣੇ ਧਰਨਾ ਦੇ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸ਼ਹਿਰੀ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਲੰਬੇ ਅਤੇ ਅਣਘੋਸ਼ਿਤ ਬਿਜਲੀ ਕੱਟਾਂ ਕਾਰਨ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਬਿਜਲੀ ਦੀ ਕਮੀ ਕਾਰਨ ਘਰਾਂ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਪੈ ਰਿਹਾ ਹੈ ਅਤੇ ਵਪਾਰਕ ਗਤੀਵਿਧੀਆਂ ਵੀ ਠੱਪ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਬਿਜਲੀ ਵਿਭਾਗ ਦੀ ਨਾਕਾਮੀ ਸਪੱਸ਼ਟ ਨਜ਼ਰ ਆ ਰਹੀ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਤੁਰੰਤ ਬਿਜਲੀ ਸਪਲਾਈ ਸੁਚਾਰੂ ਬਣਾਈ ਜਾਵੇ ਅਤੇ ਅਣਐਲਾਨੇ ਕੱਟਾਂ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹਾਲਾਤ ਨਾ ਸੁਧਰੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
