ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਚੰਡੀਗੜ੍ਹ, 30 ਅਪ੍ਰੈਲ, 2026 (ਦੀ ਪੰਜਾਬ ਵਾਇਰ)। ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।

ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।

ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ ‘ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Exit mobile version