ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ-ਕਿਸਾਨਾ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਕੀਤੀ ਅਪੀਲ
ਗੁਰਦਾਸਪੁਰ, 1 ਅਕਤੂਬਰ ( ਮੰਨਣ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਝੋਨੇ ਦੀ ਫਸਲ ਦੀ ਖ੍ਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਵਜੋਂ ਅੱਜ ਆਨਲਾਈਨ ਸਮੂਹ ਐਸ.ਡੀ.ਐਮਜ਼. ਡੀਐਫਐਸਸੀ, ਜ਼ਿਲਾ ਮੰਡੀ ਅਫਸਰ, ਖਰੀਦ ਏਜੰਸੀਆਂ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਖਰੀਦਣ ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ। ਉਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ, ਇਸ ਲਈ ਆਪਣੀ, ਆਪਣੇ ਪਰਿਵਾਰ ਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਨਾੜ ਨੂੰ ਅੱਗ ਨਾ ਲਗਾਈ ਜਾਵੇ।
ਇਸ ਮੌਕੇ ਡੀਐਫਐਸਸੀ ਹਿਮਾਂਸ਼ੂ ਕੱਕੜ ਨੇ ਦੱਸਿਆ ਕਿ ਜਿਲੇ ਅੰਦਰ 95 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਮੰਡੀਆਂ ਵਿਚ 7 ਲੱਖ 03 ਹਜ਼ਾਰ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਉਨਾਂ ਦੱਸਿਆ ਕਿ ਮੌਸਮ ਦੀ ਖਰਾਬੀ ਹੋਣ ਕਾਰਨ ਭਾਰਤ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਰਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉੁਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।