Close

Recent Posts

ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਟਰਾਂਸਪੋਰਟ ਮੰਤਰੀ ਵੱਲੋਂ ਐਸ.ਟੀ.ਸੀ. ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ

ਟਰਾਂਸਪੋਰਟ ਮੰਤਰੀ ਵੱਲੋਂ ਐਸ.ਟੀ.ਸੀ. ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ
  • PublishedOctober 11, 2022

ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਸਣੇ ਕੰਮਕਾਜ ਦਾ ਲਿਆ ਜਾਇਜ਼ਾ

ਕਿਹਾ, ਚੈਕਿੰਗ ਦਾ ਮੰਤਵ ਪ੍ਰਸ਼ਾਸਨਿਕ ਕੰਮ-ਕਾਜ ‘ਚ ਸੁਧਾਰ ਲਿਆਉਣਾ

ਚੰਡੀਗੜ੍ਹ, 11 ਅਕਤੂਬਰ ( ਸੰਜੀਵ ਸ਼ਰਮਾ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਸ਼ਾਸਨਿਕ ਕੰਮ-ਕਾਜ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਅੱਜ ਸੈਕਟਰ-17 ਸਥਿਤ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ) ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਸਣੇ ਕੰਮਕਾਜ ਦਾ ਜਾਇਜ਼ਾ ਲਿਆ।

ਦੋਵੇਂ ਦਫ਼ਤਰਾਂ ਵਿੱਚ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਦੌਰਾਨ ਸ. ਭੁੱਲਰ ਨੇ ਵੱਖ-ਵੱਖ ਮੰਜ਼ਲਾਂ ‘ਤੇ ਵਿਭਾਗ ਦੇ ਸਾਰੇ ਵਿੰਗਾਂ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕੰਮਕਾਜ ਵੇਖਿਆ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਿਭਾਗ ਦੀਆਂ ਸਕੀਮਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸੇ ਤਰ੍ਹਾਂ ਦਫ਼ਤਰ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਖੇ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਬੱਸਾਂ ਦੇ ਵਾਹਨ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਨਿਰੀਖਣ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦਫ਼ਤਰ ਵਿੱਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਭਾਗੀ ਕੰਮਕਾਜ ਵਿੱਚ ਸੁਧਾਰ ਲਿਆਉਣ ਦੀ ਵਚਨਬੱਧ ਹੈ ਅਤੇ ਚੈਕਿੰਗ ਦਾ ਮੰਤਵ ਕਿਸੇ ਨੂੰ ਡਰਾਉਣਾ ਜਾਂ ਧਮਕਾਉਣਾ ਨਹੀਂ, ਸਗੋਂ ਪ੍ਰਸ਼ਾਸਨਿਕ ਕੰਮ ਕਾਜ ‘ਚ ਸੁਧਾਰ ਲਿਆਉਣਾ ਹੈ।     

Written By
The Punjab Wire