Close

Recent Posts

ਗੁਰਦਾਸਪੁਰ

ਮਿਸ਼ਨ ਅਬਾਦ ਤਹਿਤ ਸਰਹੱਦੀ ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

ਮਿਸ਼ਨ ਅਬਾਦ ਤਹਿਤ ਸਰਹੱਦੀ ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ
  • PublishedJanuary 31, 2023

ਜ਼ਿਲ੍ਹਾ ਪ੍ਰਸ਼ਾਸਨ ਨੇ ਸਰਹੱਦੀ ਪਿੰਡ ਠੇਠਰਕੇ ਵਿਖੇ ਮਿਸ਼ਨ ‘ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨਾਂ ਦੇ ਹੱਲ ਦੇ ਨਿਰਦੇਸ਼ ਦਿੱਤੇ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਜਨਵਰੀ (ਮੰਨਣ ਸੈਣੀ ) । ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅੱਜ ਡੇਰਾ ਬਾਬਾ ਨਾਨਕ ਬਲਾਕ ਦੇ ਸਰਹੱਦੀ ਪਿੰਡ ਠੇਠਰਕੇ ਦੇ ਸਰਕਾਰੀ ਸਕੂਲ ਵਿਖੇ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਠੇਠਰਕੇ ਤੋਂ ਇਲਾਵਾ ਸਰਹੱਦੀ ਪਿੰਡ ਸਾਧਾਂਵਾਲੀ, ਪੱਖੋਕੇ, ਪੁਰਾਣਾਵਾਲਾ, ਸ਼ਾਹਪੁਰ ਗੁਰਾਇਆ, ਖਾਸਾਂਵਾਲੀ ਅਤੇ ਕਾਹਲਾਂਵਾਲੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਬੀ.ਐੱਸ.ਐੱਫ, ਪੰਜਾਬ ਪੁਲਿਸ, ਭਾਰਤੀ ਫੌਜ ਅਤੇ ਹੋਰ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ।

ਪਿੰਡ ਠੇਠਰਕੇ ਵਿਖੇ ਮਿਸ਼ਨ ਅਬਾਦ ਤਹਿਤ ਲੱਗੇ ਕੈਂਪ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਦਾ ਮੁੱਖ ਮਕਸਦ ਸਰਹੱਦੀ ਪਿੰਡਾਂ ਦਾ ਸਰਬਪੱਖੀ ਵਿਕਾਸ ਹੈ। ਉਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕਾਂ ਤੱਕ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਸਰਹੱਦੀ ਪਿੰਡ ਵਿਕਾਸ ਪੱਖੋਂ ਕਿਸੇ ਵੀ ਤਰਾਂ ਘੱਟ ਨਾ ਰਹਿਣ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ’ ਮਿਸ਼ਨ (ਅਬਾਦ) ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਅਬਾਦ ਕੈਂਪਾਂ ਦੌਰਾਨ ਜ਼ਿਲੇ ਦੇ ਸਾਰੇ ਸਰਹੱਦੀ ਪਿੰਡ ਕਵਰ ਕੀਤੇ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨਾਂ ਕੈਂਪਾਂ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਬਕਾਇਦਾ ਪੈਰਵੀ ਕੀਤੀ ਜਾਂਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ।

ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਆਪਣੇ ਦੇਸ਼ ਨੂੰ ਗੁਆਂਢੀ ਮੁਲਕ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਬੀ.ਐੱਸ.ਐੱਫ ਦੇ ਨਾਲ ਸਰਹੱਦੀ ਲੋਕਾਂ ਦੀ ਵੀ ਅਹਿਮ ਜਿੰਮੇਵਾਰੀ ਬਣਦੀ ਹੈ। ਉਨਾਂ ਕਿਹਾ ਕਿ ਡਰੋਨ ਗਤੀਵਿਧੀਆਂ ਪ੍ਰਤੀ ਸਰਹੱਦੀ ਲੋਕਾਂ ਨੂੰ ਵਿਸ਼ੇਸ਼ ਚੌਕਸੀ ਵਰਤਣੀ ਚਾਹੀਦੀ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਗਲਤ ਗਤੀਵਿਧੀ ਦਾ ਪਤਾ ਚੱਲਣ ’ਤੇ ਬੀ.ਐੱਸ.ਐੱਫ ਤੇ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਇਸ ਮੌਕੇ ਉਨਾਂ ਕੈਂਪ ਵਿੱਚ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਅਤੇ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਅੱਗੇ ਆ ਕੇ ਆਪਣੇ ਫਰਜ ਨਿਭਾਉਣ ਲਈ ਪ੍ਰੇਰਿਤ ਕੀਤਾ।

ਅਬਾਦ ਕੈਂਪ ਦੌਰਾਨ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਸਹਾਇਕ ਕਮਿਸ਼ਂਰ (ਜਨਰਲ) ਸ੍ਰੀ ਸਚਿਨ ਪਾਠਕ, ਨਾਇਬ ਤਹਿਸੀਲਦਾਰ ਸ੍ਰੀ ਸੰਦੀਪ, ਬੀ.ਡੀ.ਪੀ.ਓ. ਅਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Written By
The Punjab Wire