Close

Recent Posts

ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਨਿਵੇਕਲੀ ਪਹਿਲਕਦਮੀ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਨਿਵੇਕਲੀ ਪਹਿਲਕਦਮੀ
  • PublishedAugust 30, 2023

ਕੌਮੀ ਖੇਡ ਦਿਵਸ ਮੌਕੇ ਜ਼ਿਲ੍ਹੇ ਦੇ ਤਿੰਨ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ

ਜ਼ਿਲ੍ਹੇ ਦੇ ਸਾਰੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਨੂੰ ਵਿਕਸਤ ਕਰਕੇ ਉਨ੍ਹਾਂ ਦੇ ਨਾਮ ਸਬੰਧਤ ਉਲੰਪੀਅਨ ਖਿਡਾਰੀਆਂ ਦੇ ਨਾਮ ਉੱਪਰ ਰੱਖੇ ਜਾਣਗੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਗਸਤ 2023 (ਦੀ ਪੰਜਾਬ ਵਾਇਰ ) । ਕੌਮੀ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਜ਼ਿਲ੍ਹੇ ਦੇ ਤਿੰਨ ਪਿੰਡਾਂ ਮਸਾਣੀਆਂ, ਚਾਹਲ ਕਲਾਂ ਅਤੇ ਕੰਡੀਲਾ ਦੇ ਖੇਡ ਮੈਦਾਨਾਂ ਨੂੰ ਵਿਕਸਤ ਕਰਕੇ ਉਨ੍ਹਾਂ ਦੇ ਨਾਮ ੳਲੰਪੀਅਨ ਦੇ ਨਾਮ ਉੱਪਰ ਰੱਖ ਕੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਉਲੰਪੀਅਨ ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਸੀ ਜਿਸ ਤਹਿਤ ਜ਼ਿਲ੍ਹੇ ਦੇ 13 ਉਲੰਪੀਅਨ ਖਿਡਾਰੀਆਂ ਦੇ ਨਾਮ ਸਾਹਮਣੇ ਆਏ ਸਨ। ਇਸਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਖੇਡ ਸਟੇਡੀਅਮ ਨੂੰ ਵਿਕਸਤ ਕਰਨ ਅਤੇ ਉਨ੍ਹਾਂ ਦੇ ਨਾਮ ਉਲੰਪੀਅਨ ਖਿਡਾਰੀਆਂ ਦੇ ਨਾਮ ਉੱਪਰ ਰੱਖਣ ਦਾ ਫੈਸਲਾ ਲਿਆ ਗਿਆ ਸੀ।

ਬੀਤੇ ਕੱਲ ਕੌਮੀ ਖੇਡ ਦਿਵਸ ਮੌਕੇ ਪਹਿਲੇ ਪੜ੍ਹਾਅ ਤਹਿਤ ਜ਼ਿਲ੍ਹੇ ਦੇ ਤਿੰਨ ਖੇਡ ਮੈਦਾਨਾਂ ਜਿਨ੍ਹਾਂ ਵਿੱਚ ਹਾਕੀ ਖਿਡਾਰੀ ਉਲੰਪੀਅਨ ਪ੍ਰਭਜੋਤ ਸਿੰਘ ਦੇ ਪਿੰਡ ਮਸਾਣੀਆਂ, ਹਾਕੀ ਖਿਡਾਰੀ ਉਲੰਪੀਅਨ ਸਿਮਰਨਜੀਤ ਸਿੰਘ ਦੇ ਪਿੰਡ ਚਾਹਲ ਕਲਾਂ ਅਤੇ ਅਥੈਲਿਟਕਸ ਦੇ ਉਲੰਪੀਅਨ ਖਿਡਾਰੀ ਰਹੇ ਅਜੀਤ ਸਿੰਘ ਭੁੱਲਰ ਦੇ ਪਿੰਡ ਕੰਡੀਲਾ ਵਿਖੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖੇਡ ਮੈਦਾਨਾਂ ਦੇ ਨਾਮ ਇਨ੍ਹਾਂ ਉਲੰਪੀਅਨ ਖਿਡਾਰੀਆਂ ਦੇ ਨਾਮ ਉੱਪਰ ਰੱਖੇ ਗਏ ਹਨ।

ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਚਾਹਲ ਕਲਾਂ ਅਤੇ ਕੰਡੀਲਾ ਦੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ, ਜਦਕਿ ਮਸਾਣੀਆਂ ਪਿੰਡ ਦੇ ਖੇਡ ਮੈਦਾਨ ਦਾ ਉਦਘਾਟਨ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਗਿਆ।

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਪਹਿਲਕਦਮੀ ਦਾ ੳਲੰਪੀਅਨ ਸਿਮਰਨਜੀਤ ਸਿੰਘ ਅਤੇ ਉਲੰਪੀਅਨ ਪ੍ਰਭਜੋਤ ਸਿੰਘ ਨੇ ਭਰਵਾਂ ਸਵਾਗਤ ਕੀਤਾ ਹੈ। ਇਨ੍ਹਾਂ ਖਿਡਾਰੀਆਂ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਗੱਲੋਂ ਧੰਨਵਾਦੀ ਹਨ ਕਿ ਉਨ੍ਹਾਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਦੇ ਨਾਮ ਉਨ੍ਹਾਂ ਦੇ ਨਾਮ ਉੱਪਰ ਰੱਖ ਕੇ ਇਨ੍ਹਾਂ ਖੇਡ ਮੈਦਾਨਾਂ ਨੂੰ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦੀ ਬਦੌਲਤ ਹੋਰ ਖਿਡਾਰੀ ਵੀ ਪੈਦਾ ਹੋਣਗੇ ਜੋ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਪੜਾਅ ਤਹਿਤ ਤਿੰਨ ਉਲੰਪੀਅਨ ਦੇ ਪਿੰਡਾਂ ਦੇ ਖੇਡ ਮੈਦਾਨਾਂ ਨੂੰ ਵਿਕਸਤ ਕਰਕੇ ਖਿਡਾਰੀਆਂ ਦੇ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਬਾਕੀ ਉਲੰਪੀਅਨ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਅਤੇ ਸਟੇਡੀਅਮ ਨੂੰ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ੳਲੰਪੀਅਨ ਦੇ ਪਿੰਡ/ਸ਼ਹਿਰ ਵਿੱਚ ਖੇਡ ਮੈਦਾਨ ਲਈ ਥਾਂ ਨਹੀਂ ਹੈ ਸੋ ਓਥੇ ਉਨ੍ਹਾਂ ਉਲੰਪੀਅਨ ਦੇ ਨਾਮ ਉੱਪਰ ਖੇਡ ਟੂਰਨਾਮੈਂਟ ਕਰਵਾਉਣ ਦੇ ਨਾਲ ਸਕਾਰਸ਼ਿਪ ਸ਼ੁਰੂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਹੱਸਦਾ, ਖੇਡਦਾ, ਰੰਗਲਾ ਪੰਜਾਬ ਬਣਾਉਣ ਵਿੱਚ ਜ਼ਿਲ੍ਹਾ ਗੁਰਦਾਸਪੁਰ ਆਪਣਾ ਮੋਹਰੀ ਰੋਲ ਅਦਾ ਕਰੇਗਾ।

Written By
The Punjab Wire