ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਤੱਕ ਹੋ ਸਕਦਾ ਹੈ ਜ਼ੁਰਮਾਨਾ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਗੁਰਦਾਸਪੁਰ, 5 ਨਵੰਬਰ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਵਿੱਚ ਲੱਗੇ ਅਧਿਕਾਰੀਆਂ, ਕਲਸਟਰ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਟੀਮਾਂ ਆਪਣੇ ਨਿਰਧਾਰਤ ਫੀਲਡ ਵਿੱਚ ਰਹਿਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੀ ਵੀ ਹੈ ਤਾਂ ਉਸਨੂੰ ਤੁਰੰਤ ਬੁਝਾਇਆ ਜਾਵੇ ਅਤੇ ਨਾਲ ਹੀ ਰੀਪੋਰਟ ਤਿਆਰ ਕਰਕੇ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਫੀਲਡ ਸਟਾਫ਼ ਦੀ ਕਿਸੇ ਵੀ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ।
ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਸੰਦਾਂ ਨਾਲ ਬੜੀ ਅਸਾਨੀ ਨਾਲ ਕੀਤਾ ਜਾ ਸਕਦਾ ਹੈ, ਇਸ ਲਈ ਅੱਗ ਲਗਾਉਣ ਦੇ ਰੁਝਾਨ ਤੋਂ ਬਚਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਨੂੰ 2500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰੰ ਅੱਗ ਲਗਾਉਣਗੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਏਅਰ ਐਕਟ ਤਹਿਤ ਪਰਚਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਅਜੇ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਜ਼ਰੂਰਤ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਉਸ ਕਿਸਾਨ ਲਈ ਖੇਤੀ ਸੰਦ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 27 ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਇਨ੍ਹਾਂ ਐਵਾਰਡੀ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਵੀ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਹੋਰ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਜਿਹੜੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦਾ ਇੱਕ ਵੀ ਕੇਸ ਨਹੀਂ ਆਵੇਗਾ ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ ਓਥੇ ਇਹ ਵਾਤਾਵਰਨ ਅਤੇ ਮਨੁੱਖੀ ਸਿਹਤ ਲਈ ਵੀ ਬਹੁਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਅੱਗ ਸਬੰਧੀ ਸੂਚਨਾ ਜਾਂ ਕਿਸੇ ਸਹਾਇਤਾ, ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਅਸ਼ਵਨੀ ਕਮੁਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਡਾ. ਅਮਰੀਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।