Close

Recent Posts

ਗੁਰਦਾਸਪੁਰ

‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਗੁਰਦਾਸਪੁਰ ਵਿਖੇ ਸਵੀਪ ਫ਼ੈਸਟੀਵਲ ਕਰਵਾਇਆ

‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਗੁਰਦਾਸਪੁਰ ਵਿਖੇ ਸਵੀਪ ਫ਼ੈਸਟੀਵਲ ਕਰਵਾਇਆ
  • PublishedMarch 6, 2024

ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਤਹਿਤ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਨ ਦੀ ਕੀਤੀ ਅਪੀਲ

ਗੁਰਦਾਸਪੁਰ, 6 ਮਾਰਚ 2024 (ਦੀ ਪੰਜਾਬ ਵਾਇਰ )। ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਦੇ ਮਿਥੇ ਗਏ ਟੀਚੇ ‘ਇਸ ਵਾਰ, 70 ਪਾਰ’ ਨੂੰ ਪੂਰਾ ਕਰਨ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਵੀਪ ਫ਼ੈਸਟੀਵਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਭਾਸ਼ ਚੰਦਰ ਪੀ.ਸੀ.ਐੱਸ., ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸ. ਮਨਜਿੰਦਰ ਸਿੰਘ ਬਾਜਵਾ ਤਹਿਸੀਲਦਾਰ ਚੋਣਾਂ, ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਗੁਰਦਾਸਪੁਰ, ਸ੍ਰੀ ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਗੁਰਦਾਸਪੁਰ, ਸ੍ਰੀ ਹਿਰਦੇਪਾਲ ਨਾਇਬ ਤਹਿਸੀਲਦਾਰ ਗੁਰਦਾਸਪੁਰ, ਸ੍ਰੀਮਤੀ ਪ੍ਰੀਤ ਇੰਦਰ ਕੌਰ ਪ੍ਰਿੰਸੀਪਲ ਸਰਕਾਰੀ ਕਾਲਜ ਗੁਰਦਾਸਪੁਰ, ਮਿਸ. ਹਿਮਾਂਕਸੀ ਡਿਸਟ੍ਰਿਕਟ ਡਿਵੈਲਪਮੈਂਟ ਫੈਲੋ ਗੁਰਦਾਸਪੁਰ ਅਤੇ ਜ਼ਿਲ੍ਹੇ ਦੇ 9 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਸ਼ਾਮਿਲ ਹੋਏ ।

ਸਵੀਪ ਫ਼ੈਸਟੀਵਲ ਦੌਰਾਨ ਜ਼ਿਲ੍ਹਾ ਸਵੀਪ ਆਇਕਨ ਕੁੰਵਰ ਅੰਮ੍ਰਿਤਬੀਰ ਸਿੰਘ ਵੱਲੋਂ ਆਪਣੇ ਭਾਸ਼ਣ ਵਿਚ ਸਾਰੇ ਯੁਵਕ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਪੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂਂ ਨੁੱਕੜ ਨਾਟਕ, ਸਕਿੱਟ, ਗੀਤ, ਭੰਗੜਾ ਆਈਟਮਾਂ ਪੇਸ਼ ਕੀਤੀਆਂ ਗਈਆਂ। ਕਾਲਜਾਂ ਦੀਆਂ ਵਿਦਿਆਰਥਣਾਂ ਵਿਚ ਵੋਟ ਦੇ ਅਧਿਕਾਰ ਦੇ ਥੀਮ ‘ਤੇ ਅਧਾਰਿਤ ਮਹਿੰਦੀ, ਪੋਸਟਰ ਮੇਕਿੰਗ, ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਡਿਪਟੀ ਕਮਿਸ਼ਨਰ ਜੀ ਵੱਲੋਂ ਇਹਨਾਂ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਕ੍ਰਮਵਾਰ 5100, 2100, 1100 ਨਕਦ ਰਾਸ਼ੀ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਤੋਂ ਇਲਾਵਾ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ 500-500 ਰੁਪਏ ਇਨਾਮ ਵਜੋਂ ਦਿੱਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਲੋਕ ਸਭਾ ਚੋਣਾਂ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਜਿੱਥੇ ਆਪਣੀ ਵੋਟ ਪਾਉਣ ਓਥੇ ਨਾਲ ਹੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ। ਪ੍ਰੋਗਰਾਮ ਦੀ ਸਮਾਪਤੀ ਤੇ ਸਾਰੇ ਹਾਜ਼ਰੀਨ ਵੱਲੋਂ ਵੋਟਰ ਪ੍ਰਣ ਵੀ ਲਿਆ ਗਿਆ।

Written By
The Punjab Wire