Close

Recent Posts

ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਗੁਰਦਾਸਪੁਰ ਅੰਦਰ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਿਲ੍ਹਾ ਗੁਰਦਾਸਪੁਰ ਅੰਦਰ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
  • PublishedFebruary 13, 2025

ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਕੀਤੀ ਜਾ ਰਹੀ ਹੈ।

Written By
The Punjab Wire