ਮੁਲਾਜ਼ਮਾਂ ਦੀ ‘ਮਹਾ ਹੜਤਾਲ’ ’ਤੇ ਵਿਰੋਧੀ ਧਿਰਾਂ ਨੇ ਘੇਰੀ ਪੰਜਾਬ ਸਰਕਾਰ
ਸੁਖਬੀਰ ਬਾਦਲ ਨੇ ‘ਮਹਾ ਕੁਪ੍ਰਬੰਧਨ’ ਤੇ ‘ਮਹਾ ਭ੍ਰਿਸ਼ਟਾਚਾਰ’ ਦਾ ਨਤੀਜਾ ਦੱਸਿਆ, ਬਿੱਟੂ ਤੇ ਜਾਖੜ ਨੇ ਵੀ ਸਰਕਾਰ ਨੂੰ ਘੇਰਿਆ
ਚੰਡੀਗੜ੍ਹ, 27 ਅਗਸਤ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ‘ਮਹਾ ਹੜਤਾਲ’ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮਾਂ ਦੇ ‘ਮਹਾ ਬੰਦ’ ਨੂੰ ਪੰਜਾਬ ਸਰਕਾਰ ਦੇ ‘ਮਹਾ ਕੁਰਪ੍ਰਬੰਧਨ’ ਅਤੇ ‘ਮਹਾ ਭ੍ਰਿਸ਼ਟਾਚਾਰ’ ਦਾ ਨਤੀਜਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਹਜ਼ਾਰਾਂ ਕਰੋੜ ਰੁਪਏ ਦਾ ਮਹਿੰਗਾਈ ਭੱਤਾ (ਡੀਏ) ਬਕਾਇਆ ਪਿਆ ਹੈ।
ਬਾਦਲ ਨੇ ਦਾਅਵਾ ਕੀਤਾ ਕਿ ਕਰੀਬ ਤਿੰਨ ਲੱਖ ਸਰਕਾਰੀ ਮੁਲਾਜ਼ਮ ਕੈਜ਼ੂਅਲ ਲੀਵ ’ਤੇ ਹਨ, ਜਦਕਿ ਲਗਭਗ ਚਾਰ ਲੱਖ ਪੈਨਸ਼ਨਰ ਆਪਣੇ ਬਕਾਇਆ ਭੁਗਤਾਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਲੱਖਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਅਦਾਲਤੀ ਨਿਰਦੇਸ਼ਾਂ ਅਤੇ ਮੁਲਾਜ਼ਮਾਂ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਬਹਾਨੇ ਬਣਾ ਰਹੀ ਹੈ। ਉਨ੍ਹਾਂ ਸਰਕਾਰ ’ਤੇ ਲਗਾਤਾਰ ਕਰਜ਼ਾ ਲੈਣ ਅਤੇ ਬਾਹਰੀ ਕੰਪਨੀਆਂ ਨੂੰ ਕਰੋੜਾਂ ਰੁਪਏ ਦੀ ਕਥਿਤ ਕੰਟਰੈਕਟ ਫੀਸ ਦੇਣ ਦੇ ਵੀ ਦੋਸ਼ ਲਗਾਏ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਮੁਲਾਜ਼ਮਾਂ ਨਾਲ ਸਰਕਾਰ ਦਾ ਇਹ ਰਵੱਈਆ ਕਬੂਲਯੋਗ ਨਹੀਂ ਹੈ ਅਤੇ ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਇਸ ਕਥਿਤ ਅਪਮਾਨ ਨੂੰ ਨਾ ਤਾਂ ਭੁੱਲਣਗੇ ਅਤੇ ਨਾ ਹੀ ਮੁਆਫ਼ ਕਰਨਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ।
ਇਸੇ ਮਾਮਲੇ ’ਤੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਘੇਰਿਆ। ਬਿੱਟੂ ਨੇ ਕਿਹਾ ਕਿ ਅੱਜ ਲਗਭਗ ਚਾਰ ਲੱਖ ਸਰਕਾਰੀ ਮੁਲਾਜ਼ਮ ਅਤੇ ਲੱਖਾਂ ਪੈਨਸ਼ਨਰ ਆਪਣੇ ਜਾਇਜ਼ ਡੀਏ ਦੇ ਬਕਾਏ ਅਤੇ ਤਨਖ਼ਾਹੀ ਸ਼ਰਤਾਂ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ‘ਮਹਾ ਹੜਤਾਲ’ ’ਤੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਿਰਫ਼ ਵਾਅਦੇ ਕਰਕੇ ਨਹੀਂ ਰਹਿ ਸਕਦੀ, ਜਦੋਂ ਪੰਜਾਬ ਦਾ ਪ੍ਰਸ਼ਾਸਨ ਚਲਾਉਣ ਵਾਲੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਬਿੱਟੂ ਨੇ ਕਿਹਾ ਕਿ ਉਹ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੇ ਹਨ।
ਰਵਨੀਤ ਬਿੱਟੂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਜਾਇਜ਼ ਬਕਾਏ ਤੁਰੰਤ ਅਦਾ ਕੀਤੇ ਜਾਣ, ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਜਾਵੇ ਅਤੇ ਸਰਕਾਰ ਵੱਲੋਂ ਇਨਸਾਫ਼ ਦੇਣ ਵਿੱਚ ਹੋ ਰਹੀ ਦੇਰੀ ਨੂੰ ਖ਼ਤਮ ਕੀਤਾ ਜਾਵੇ।
ਉਧਰ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਰੱਖਣ ਦਾ ਦੋਸ਼ ਲਗਾਇਆ। ਜਾਖੜ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਅਦਾਲਤ ਦੀ ਅਵਗਿਆ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਡੀਏ ਦਾ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਉਨ੍ਹਾਂ ਨੂੰ ਹੀ ਧਮਕਾਇਆ ਜਾ ਰਿਹਾ ਹੈ।
ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ, “ਕੀ ਇਸ ਨੂੰ ਹੀ ‘ਨਾਲੇ ਚੋਰੀ ਨਾਲੇ ਸੀਨਾ ਜੋਰੀ’ ਨਹੀਂ ਆਖਦੇ?” ਉਨ੍ਹਾਂ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ “ਹੰਕਾਰ ਦਾ ਅੰਤ ਬੁਰਾ ਹੁੰਦਾ ਹੈ।”
ਇਸ ਤਰ੍ਹਾਂ ਮੁਲਾਜ਼ਮਾਂ ਦੀ ‘ਮਹਾ ਹੜਤਾਲ’ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਖ਼ਿਲਾਫ਼ ਹਮਲੇ ਤੇਜ਼ ਹੋ ਗਏ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਗੱਲਬਾਤ ਅਤੇ ਹੜਤਾਲ ਇਕੱਠੀਆਂ ਨਹੀਂ ਚੱਲ ਸਕਦੀਆਂ ਅਤੇ ਗੱਲਬਾਤ ਲਈ ਹੜਤਾਲ ਖ਼ਤਮ ਕਰਨੀ ਪਵੇਗੀ।