ਚੰਡੀਗੜ੍ਹ, 27 ਅਗਸਤ 2026 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪਰਸੋਨਲ ਵਿਭਾਗ ਦੀ ਪਰਸੋਨਲ ਪਾਲਿਸੀਜ਼–2 ਬ੍ਰਾਂਚ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ ਤੋਂ ਲੋਕਾਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਕਈ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਆਪਣੇ-ਆਪਣੇ ਦਫ਼ਤਰਾਂ ਵਿੱਚ ਡਿਊਟੀ ’ਤੇ ਹਾਜ਼ਰ ਨਹੀਂ ਰਹਿੰਦੇ। ਇਸ ਕਾਰਨ ਆਮ ਲੋਕਾਂ ਨੂੰ ਸਰਕਾਰੀ ਕੰਮਕਾਜ ਕਰਵਾਉਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੱਤਰ ਰਾਹੀਂ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਿਭਾਗਾਂ ਵਿੱਚ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਕੇ ਵਿਭਾਗੀ ਕਾਰਵਾਈ ਲਈ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਨੂੰ ਭੇਜਣ। ਇਹ ਸੂਚੀ 27 ਅਗਸਤ ਨੂੰ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਭੇਜਣ ਲਈ ਕਿਹਾ ਗਿਆ ਹੈ।
ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਗੈਰਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਲਾਗੂ ਸਰਵਿਸ ਰੂਲਜ਼ ਅਧੀਨ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਨਾਲ ਜਾਰੀ ਕੀਤੇ ਗਏ ਹਨ।