Close

Recent Posts

ਪੰਜਾਬ

ਪੰਜਾਬ ਲਈ ਲੜਨ ਵਾਲਿਆਂ ਦੀ ਲੋੜ; ਅਗਲਾ ਮੋਰਚਾ ਥਾਣਿਆਂ ‘ਤੇ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਲਈ ਲੜਨ ਵਾਲਿਆਂ ਦੀ ਲੋੜ; ਅਗਲਾ ਮੋਰਚਾ ਥਾਣਿਆਂ ‘ਤੇ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ
  • PublishedAugust 28, 2026

ਨਸ਼ੇ, ਗੈਂਗਸਟਰਾਂ ਅਤੇ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਕਾਂਗਰਸ ਸੜਕ ਤੋਂ ਸਦਨ ਤੱਕ ਲੜੇਗੀ

ਬਾਬਾ ਬਕਾਲਾ, 28 ਅਗਸਤ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਬਕਾਲਾ ਵਿਖੇ ਕਾਂਗਰਸ ਦੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੇ ਆਗੂਆਂ ਦੀ ਲੋੜ ਨਹੀਂ ਜੋ ਸਮਝੌਤੇ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਗੈਂਗਸਟਰਾਂ, ਨਸ਼ੇ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਰੰਧਾਵਾ ਨੇ ਕਿਹਾ ਕਿ ਜਨਤਕ ਮੰਚਾਂ ‘ਤੇ ਔਰਤਾਂ ਅਤੇ ਮਾਵਾਂ ਦਾ ਸਤਿਕਾਰ ਕਰਨਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਨੇ ਆਪਣੀ ਮਾਂ ਦੇ ਸਿਰ ‘ਤੇ ਹੱਥ ਰੱਖ ਕੇ ਸ਼ਰਾਬ ਨਾ ਪੀਣ ਦੀ ਕਸਮ ਖਾਧੀ ਅਤੇ ਬਾਅਦ ਵਿੱਚ ਉਸ ਤੋਂ ਮੁੱਕਰ ਗਿਆ, ਉਸ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਨਹੀਂ ਹੈ।

ਰੰਧਾਵਾ ਨੇ ਕਿਹਾ ਕਿ ਅੱਜ ਪੰਜਾਬ ਦੇ ਪਿੰਡ-ਪਿੰਡ ਅਤੇ ਗਲੀ-ਗਲੀ ਵਿੱਚ ਨਸ਼ਾ ਵਿਕ ਰਿਹਾ ਹੈ, ਜਦਕਿ ਸਰਕਾਰ “ਯੁੱਧ ਨਸ਼ਿਆਂ ਵਿਰੁੱਧ” ਦਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ੇ ਨੂੰ ਰੋਕਣ ਦੀ ਬਜਾਏ ਉਸ ਨੂੰ ਵਧਾਵਾ ਦੇਣ ਵਾਲੇ ਤੰਤਰ ‘ਤੇ ਪਰਦਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਸਭ ਤੋਂ ਵੱਡੀ ਤਰਜੀਹ ਹੈ।

ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਸਮੇਂ ਸਿਰ ਆਪਣੀ ਕਾਰਜਪ੍ਰਣਾਲੀ ਸੁਧਾਰ ਲੈਣ। ਉਨ੍ਹਾਂ ਕਿਹਾ ਕਿ ਜੇ ਕਾਂਗਰਸੀ ਵਰਕਰਾਂ ਜਾਂ ਆਮ ਲੋਕਾਂ ਨਾਲ ਧੱਕਾ ਹੋਇਆ ਤਾਂ ਕਾਂਗਰਸ ਥਾਣਿਆਂ ਦਾ ਘਿਰਾਓ ਕਰੇਗੀ। ਉਨ੍ਹਾਂ ਵਰਕਰਾਂ ਨੂੰ ਪੁੱਛਿਆ ਕਿ ਕੀ ਉਹ ਥਾਣਿਆਂ ਦੇ ਘਿਰਾਓ ਲਈ ਤਿਆਰ ਹਨ ਅਤੇ ਕਿਹਾ ਕਿ ਜਿਸ ਵੀ ਥਾਣੇ ਵਿੱਚ ਕਾਂਗਰਸੀਆਂ ਨਾਲ ਧੱਕਾ ਹੋਵੇਗਾ, ਉੱਥੇ ਅਗਲਾ ਮੋਰਚਾ ਲਾਇਆ ਜਾਵੇਗਾ।

ਰੰਧਾਵਾ ਨੇ ਦੋਸ਼ ਲਾਇਆ ਕਿ ਪੁਲਿਸ ਅਤੇ ਗੈਂਗਸਟਰਾਂ ਦੀ ਮਿਲੀਭੁਗਤ ਦੇ ਸਵਾਲਾਂ ‘ਤੇ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਗੈਂਗਸਟਰਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਹੈ।

ਕਾਂਗਰਸ ਦੀ ਏਕਤਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਬਾਬਾ ਬਕਾਲਾ ਦੀ ਰੈਲੀ ਵਿੱਚ ਮੌਜੂਦ ਕਾਂਗਰਸੀ ਵਰਕਰ ਸਾਲਾਂ ਤੋਂ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੁਣੌਤੀ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਦੀ ਧਰਤੀ ਤੋਂ ਐਲਾਨ ਕਰਨ ਕਿ ਐੱਸ.ਵਾਈ.ਐੱਲ. ਦਾ ਪਾਣੀ ਪੰਜਾਬ ਦਾ ਹੈ ਅਤੇ ਇਹ ਵੀ ਸਪੱਸ਼ਟ ਕਰਨ ਕਿ ਚੰਡੀਗੜ੍ਹ ਪੰਜਾਬ ਦਾ ਹੈ।

ਉਨ੍ਹਾਂ ਕਿਹਾ ਕਿ ਸਾਲ 2019 ਵਿੱਚ ਪ੍ਰਧਾਨ ਮੰਤਰੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ, ਪਰ 2026 ਆਉਣ ਦੇ ਬਾਵਜੂਦ ਉਹ ਵਾਅਦਾ ਪੂਰਾ ਨਹੀਂ ਹੋਇਆ। ਰੰਧਾਵਾ ਨੇ ਮੰਗ ਕੀਤੀ ਕਿ ਜਿਨ੍ਹਾਂ ਬੰਦੀ ਸਿੱਖਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਗੁਜਰਾਤ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਤੱਕ ਮੋਬਾਈਲ ਪਹੁੰਚਣ ਦੇ ਮਾਮਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਰੱਖੜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਵਿਅਕਤੀ ਦੀ ਰੱਖੜੀ ਨਹੀਂ, ਸਗੋਂ ਪੰਜਾਬ ਦੀਆਂ ਭੈਣਾਂ ਦੀ ਸੁਰੱਖਿਆ ਅਤੇ ਸਨਮਾਨ ਦੀ ਰੱਖਿਆ ਦਾ ਸੰਕਲਪ ਹੈ।

ਆਪਣੇ ਸੰਬੋਧਨ ਦੇ ਅੰਤ ਵਿੱਚ ਰੰਧਾਵਾ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਵਿੱਚ 80 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਦੀ ਇਹ ਰੈਲੀ ਇਲਾਕੇ ਦੀ ਇਤਿਹਾਸਕ ਅਤੇ ਨਿਰਣਾਇਕ ਰੈਲੀ ਸਾਬਤ ਹੋਵੇਗੀ।

Written By
The Punjab Wire