ਪੰਜਾਬ ਮੁੱਖ ਖ਼ਬਰ

ਰਮਨ ਬਹਿਲ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਘਰਾਂ ਦੀ ਫ਼ੜੀ ਬਾਂਹ, 80 ਲਾਭਪਾਤਰੀਆਂ ਨੂੰ ਦਿੱਤੀ 28 ਲੱਖ ਰੁਪਏ ਦੀ ਵਿੱਤੀ ਸਹਾਇਤਾ

ਰਮਨ ਬਹਿਲ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਘਰਾਂ ਦੀ ਫ਼ੜੀ ਬਾਂਹ, 80 ਲਾਭਪਾਤਰੀਆਂ ਨੂੰ ਦਿੱਤੀ 28 ਲੱਖ ਰੁਪਏ ਦੀ ਵਿੱਤੀ ਸਹਾਇਤਾ
  • PublishedSeptember 5, 2026

ਹਲਕਾ ਗੁਰਦਾਸਪੁਰ ਵਿੱਚ ਵਿਕਾਸ ਦੀ ਰਫ਼ਤਾਰ ਨਾ ਰੁਕੀ ਹੈ, ਨਾ ਰੁਕਣ ਦੇਵਾਂਗਾ : ਰਮਨ ਬਹਿਲ

ਮਾਨ ਸਰਕਾਰ ਦੀ ਕਥਨੀ ਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ : ਰਮਨ ਬਹਿਲ

ਗੁਰਦਾਸਪੁਰ, 5 ਸਤੰਬਰ 2026 (ਮੰਨਨ ਸੈਣੀ)। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਦੀ ਰਫ਼ਤਾਰ ਨਾ ਪਹਿਲਾਂ ਰੁਕੀ ਹੈ ਅਤੇ ਨਾ ਹੀ ਉਹ ਇਸ ਨੂੰ ਰੁਕਣ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਕਾਸ ਦੇ ਪੱਖੋਂ ਪਿੱਛੇ ਰਹਿ ਗਏ ਗੁਰਦਾਸਪੁਰ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਬਪੱਖੀ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਅਗਸਤ 2025 ਦੌਰਾਨ ਗੁਰਦਾਸਪੁਰ ਸ਼ਹਿਰ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਕਈ ਲੋਕਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਉਸ ਸਮੇਂ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਨੁਕਸਾਨੇ ਗਏ ਘਰਾਂ ਦੀ ਪਛਾਣ ਕਰਕੇ ਪ੍ਰਭਾਵਿਤ ਪਰਿਵਾਰਾਂ ਦੀ ਜਾਣਕਾਰੀ ਇਕੱਠੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨਿਰਮਾਣ ਯੋਜਨਾ ਤਹਿਤ ਗੁਰਦਾਸਪੁਰ ਹਲਕੇ ਦੇ 80 ਪ੍ਰਭਾਵਿਤ ਪਰਿਵਾਰਾਂ ਲਈ ਕੁੱਲ 28 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰਕੇ ਭੇਜੀ ਗਈ ਹੈ।

ਰਮਨ ਬਹਿਲ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਲਾਇਬ੍ਰੇਰੀ ਰੋਡ, ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ 35-35 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਭਾਵੇਂ ਬਹੁਤ ਵੱਡੀ ਨਹੀਂ ਹੈ, ਪਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਆਪਣੇ ਘਰਾਂ ਦੀ ਮੁਰੰਮਤ ਕਰਵਾਉਣ ਵਿੱਚ ਇਹ ਸਹਾਇਤਾ ਜ਼ਰੂਰ ਸਹਾਈ ਹੋਵੇਗੀ। ਇਸ ਰਾਸ਼ੀ ਨਾਲ ਉਹ ਆਪਣੇ ਘਰਾਂ ਦੀਆਂ ਛੱਤਾਂ, ਫਰਸ਼ ਜਾਂ ਹੜ੍ਹਾਂ ਅਤੇ ਮੀਂਹ ਕਾਰਨ ਹੋਏ ਹੋਰ ਨੁਕਸਾਨ ਦੀ ਮੁਰੰਮਤ ਕਰਵਾ ਸਕਣਗੇ।

ਉਨ੍ਹਾਂ ਕਿਹਾ ਕਿ ਜਦੋਂ ਅਗਸਤ 2025 ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਸੀ, ਉਸ ਸਮੇਂ ਵੀ ਉਨ੍ਹਾਂ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅੱਜ ਸਰਕਾਰ ਵੱਲੋਂ ਇਹ ਸਹਾਇਤਾ ਰਾਸ਼ੀ ਜਾਰੀ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਮਾਨ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਵੀ ਦਿਖਾਉਂਦੀ ਹੈ।

ਰਮਨ ਬਹਿਲ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਗੁਰਦਾਸਪੁਰ ਸ਼ਹਿਰ ਵਿੱਚ ਵਾਪਰੀ ਇੱਕ ਦੁਖਦਾਈ ਘਟਨਾ ਦੌਰਾਨ ਬਾਜ਼ਾਰ ਦੀਆਂ ਸੱਤ ਦੁਕਾਨਾਂ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਨਸ਼ਟ ਹੋ ਗਈਆਂ ਸਨ। ਉਸ ਸਮੇਂ ਵੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਹਰੇਕ ਦੁਕਾਨਦਾਰ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਸੀ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ ਵਾਪਰੇ ਹੋਰ ਹਾਦਸਿਆਂ ਅਤੇ ਮੁਸ਼ਕਲਾਂ ਦੇ ਸਮੇਂ ਵੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖ ਕੇ ਕੰਮ ਕਰ ਰਹੀ ਹੈ। ਸਰਕਾਰ ਦਾ ਮਕਸਦ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ ਨਾਲ ਖੜ੍ਹਨਾ ਵੀ ਹੈ।

ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਅਤੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਸਿਰਫ਼ ਲੋਕਾਂ ਦੀ ਸੇਵਾ, ਹਲਕੇ ਦਾ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹ ਸਿੱਖਿਆ ਮਿਲੀ ਹੈ ਕਿ ਰਾਜਨੀਤੀ ਨੂੰ ਸਿਰਫ਼ ਰਾਜਨੀਤੀ ਤੱਕ ਸੀਮਤ ਨਾ ਰੱਖ ਕੇ ਲੋਕਾਂ ਦੀ ਸੇਵਾ ਦਾ ਜ਼ਰੀਆ ਬਣਾਇਆ ਜਾਵੇ। ਲੋਕ ਹਿੱਤ ਦੇ ਪ੍ਰੋਜੈਕਟ ਲਿਆਉਣੇ, ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੋਣਾ ਅਤੇ ਗੁਰਦਾਸਪੁਰ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ।

ਇਸ ਮੌਕੇ ਵਾਈਸ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ ਅਸ਼ਵਨੀ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਪ੍ਰਧਾਨ ਵਪਾਰ ਮੰਡਲ ਸ੍ਰੀ ਅਸ਼ੋਕ ਮਹਾਜਨ, ਹਲਕਾ ਮੁੱਖ ਮੰਤਰੀ ਤੀਰਥ ਯਾਤਰਾ ਕੋਆਰਡੀਨੇਟਰ ਗਗਨ ਮਹਾਜਨ, ਹਲਕਾ ਸੈਣੀ ਵੈਲਫੇਅਰ ਬੋਰਡ ਦੇ ਦਵਿੰਦਰ ਸਿੰਘ, ਬਲਾਕ ਪ੍ਰਧਾਨ ਨਰਿੰਦਰ ਸਿੰਘ ਨਾਬੀਪੁਰ, ਹਲਕਾ ਵਪਾਰ ਮੰਡਲ ਦੇ ਚੇਅਰਮੈਨ ਰਾਜਿੰਦਰ ਨੰਦਾ, ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ, ਚੇਅਰਮੈਨ ਸਪੋਰਟਸ ਸਵਿੰਦਰ ਸਿੰਘ, ਚੇਅਰਮੈਨ ਵੈਲਫੇਅਰ ਮਸੀਹ ਅਜੀਤ ਮਸੀਹ, ਚੇਅਰਮੈਨ ਵਿਮੁਕਤ ਵੈਲਫੇਅਰ ਕੁਲਦੀਪ ਕੁਮਾਰ ਸਮੇਤ ਪਾਰਟੀ ਦੀ ਸਮੂਹ ਲੀਡਰਸ਼ਿਪ ਹਾਜ਼ਰ ਸੀ।

Written By
The Punjab Wire