ਚੰਡੀਗੜ੍ਹ, 6 ਮਈ 2025 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਨੂੰ ਜਲੀਲ ਕਰਨ ਦਾ ਦੋਸ਼ ਲਾਇਆ ਹੈ। ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇੱਕ ਪਾਸੇ ਦੇਸ਼ ਜੰਗ ਦੇ ਮੁਹਾਨੇ ’ਤੇ ਖੜ੍ਹਾ ਹੈ, ਉੱਥੇ ਸਰਕਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਥਾਣੇ ਬੁਲਾ ਕੇ ਜਲੀਲ ਕਰਨ ’ਤੇ ਉਤਾਰੂ ਹੈ।
ਜਾਖੜ ਨੇ ਅੱਗੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਬੰਬਾਂ ਬਾਰੇ ਦਿੱਤਾ ਗਿਆ ਬਿਆਨ ਭਾਵੇਂ ਹਾਸੋਹੀਣਾ ਸੀ, ਪਰ ਸਰਕਾਰ ਵੱਲੋਂ ਉਸ ’ਤੇ ਕੀਤੀ ਗਈ ਕਾਰਵਾਈ ਇਸ ਤੋਂ ਵੀ ਵੱਧ ਹਾਸੋਹੀਣੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਾਰਵਾਈ ਨਾਲ ਨਾ ਸਿਰਫ਼ ਵਿਰੋਧੀ ਧਿਰ ਦੇ ਆਗੂ ਅਤੇ ਉਸ ਦੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚ ਰਹੀ ਹੈ, ਸਗੋਂ ਲੋਕਤੰਤਰੀ ਪਰੰਪਰਾਵਾਂ ਦਾ ਮਜ਼ਾਕ ਵੀ ਬਣ ਰਿਹਾ ਹੈ। ਉਨ੍ਹਾਂ ਨੇ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਸਰਕਾਰ ਦੀ ਸਿਰਫ਼ ਪਬਲੀਸਿਟੀ ਪ੍ਰਾਪਤ ਕਰਨ ਦੀ ਭੁੱਖ ਸਾਫ਼ ਝਲਕਦੀ ਹੈ।
ਪੰਜਾਬ ਭਾਜਪਾ ਪ੍ਰਧਾਨ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਉਸ ਨੂੰ ਇਸ ਤਰ੍ਹਾਂ ਦੀ ਸੌੜੀ ਰਾਜਨੀਤੀ ਤੋਂ ਉੱਪਰ ਉੱਠਣਾ ਚਾਹੀਦਾ ਹੈ ਅਤੇ ਅਜਿਹੇ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ ਜੋ ਸੂਬੇ ਅਤੇ ਦੇਸ਼ ਦੇ ਵੱਡੇ ਹਿੱਤ ਵਿੱਚ ਹੋਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਨਾ ਸਿਰਫ਼ ਸਿਆਸੀ ਪੱਧਰ ’ਤੇ ਗਲਤ ਸੁਨੇਹਾ ਦਿੰਦਾ ਹੈ, ਸਗੋਂ ਪੰਜਾਬ ਦੀ ਜਨਤਾ ਦੇ ਵਿਸ਼ਵਾਸ ਨੂੰ ਵੀ ਢਾਹ ਲਾਉਂਦਾ ਹੈ।