ਰਮਨ ਬਹਿਲ ਵਲੋਂ ਗੁਰਦਾਸਪੁਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ
ਗੁਰਦਾਸਪੁਰ, 25 ਸਤੰਬਰ 2026 (ਮੰਨਨ ਸੈਣੀ)। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ, ਅਹੁਦੇਦਾਰਾਂ, ਮੈਂਬਰਾਂ, ਹਲਕਾ ਗੁਰਦਾਸਪੁਰ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਗੁਰਦਾਸਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ 28 ਸਤੰਬਰ, ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਵਿਸ਼ੇਸ਼ ਡਰੋਨ ਸ਼ੋਅ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਦਰਸਾਉਂਦਾ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ।

ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਲੱਖਣ ਉਪਰਾਲਾ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਸਮੂਹ ਆਗੂਆਂ, ਪਾਰਟੀ ਅਹੁਦੇਦਾਰਾਂ, ਪੰਚਾਂ-ਸਰਪੰਚਾਂ ਅਤੇ ਗੁਰਦਾਸਪੁਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚ ਕੇ ਇਸ ਇਤਿਹਾਸਕ ਮੌਕੇ ਦੇ ਗਵਾਹ ਬਣਨ ਅਤੇ ਸੰਤਾਂ ਦੇ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਹਿਬਾਨ, ਹਲਕਾ ਕੋਆਰਡੀਨੇਟਰ ਪਵਨ ਕੁਮਾਰ, ਵਾਈਸ ਚੇਅਰਮੈਨ ਅਸ਼ਵਨੀ ਕੁਮਾਰ, ਹਲਕਾ ਯੂਥ ਪ੍ਰਧਾਨ ਸੰਦੀਪ ਸ਼ੇਰਾ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ ਸਮੇਤ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚ-ਸਰਪੰਚ ਮੌਜੂਦ ਸਨ।