ਪੰਜਾਬ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
  • PublishedMay 12, 2025

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਸਪਲਾਈ ਵਿੱਚ ਸ਼ਾਮਲ ਸਨ: ਐਸਐਸਪੀ ਫਾਜ਼ਿਲਕਾ ਵਰਿੰਦਰ ਬਰਾੜ

ਚੰਡੀਗੜ੍ਹ/ਫਾਜ਼ਿਲਕਾ, 12 ਮਈ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਫਾਰਮਾ ਡਰੱਗ ਸਿੰਡੀਕੇਟ ਨੂੰ ਨਸ਼ਟ ਕੀਤਾ ਜਾ ਸਕੇ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਲੱਧੂ ਵਾਲਾ ਉੱਤਰ ਨਜਦੀਕ ਜਲਾਲਾਬਾਦ-ਸ੍ਰੀ ਮੁਕਤਸਰ ਰੋਡ ‘ਤੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ, ਇੰਚਾਰਜ ਸੀਆਈਏ-2 ਫਾਜ਼ਿਲਕਾ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਅਧੀਨ ਅਤੇ ਐਸਆਈ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਵਾਲੇ ਪਾਸਿਓਂ ਆ ਰਹੀ ਆਲਟੋ ਕਾਰ ਜਿਸ ਵਿੱਚ ਤਿੰਨ ਸਵਾਰ ਸਨ, ਨੂੰ ਚੈਕਿੰਗ ਲਈ ਰੋਕਿਆ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਨੇ ਕਾਰ ਦੀ ਪਿਛਲੀ ਸੀਟ ‘ਤੇ ਰੱਖੇ ਗੱਤੇ ਦੇ ਡੱਬਿਆਂ ਵਿੱਚ ਛੁਪਾ ਕੇ ਰੱਖੀਆਂ ਟ੍ਰਾਮਾਡੋਲ ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਅਤੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਨੈੱਟਵਰਕ ਦਾ ਹਿੱਸਾ ਸਨ ਅਤੇ ਖੇਤਰ ਵਿੱਚ ਇਨ੍ਹਾਂ ਪਾਬੰਦੀਸ਼ੁਦਾ ਫਾਰਮਾਸਿਊਟੀਕਲ ਓਪੀਔਡਜ਼ ਦੀ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 52 ਮਿਤੀ 11-05-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ 29 ਤਹਿਤ ਫਾਜ਼ਿਲਕਾ ਦੇ ਥਾਣਾ ਵੈਰੋਕੇ ਵਿਖੇ ਦਰਜ ਕੀਤੀ ਗਈ ਹੈ।

Written By
The Punjab Wire