Punjab

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ
  • PublishedMay 14, 2025

ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣ ਵਾਲਿਆਂ ਅੱਗੇ ਨਹੀਂ ਝੁਕੀ ਸਰਕਾਰ

ਅਜ਼ਮਾਇਸ਼ ਅਧੀਨ ਚੱਲ ਰਹੀ ਜ਼ਮੀਨ ਰਜਿਸਟਰੇਸ਼ਨ ਪ੍ਰਣਾਲੀ ਸੂਬੇ ਵਿੱਚ ਜ਼ਮੀਨ ਡੀਡਾਂ ਵਿੱਚ ਕ੍ਰਾਂਤੀ ਲਿਆਏਗੀ

ਲੁਧਿਆਣਾ, 14 ਮਈ  2025 (ਦੀ ਪੰਜਾਬ ਵਾਇਰ)–  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾ ਕੇ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਹੋ ਰਹੀ ਬੇਲੋੜੀ ਪ੍ਰੇਸ਼ਾਨੀ ਅਤੇ ਅਸੁਵਿਧਾ ਨੂੰ ਰੋਕਿਆ ਹੈ।

ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਮਾਲ ਅਧਿਕਾਰੀਆਂ ਤੇ ਵਿਅੰਗ ਕਸਿਆ, ਜੋ ਸਮੂਹਿਕ ਛੁੱਟੀਆਂ ਜਾਂ ਹੜਤਾਲਾਂ ਦੇ ਬਹਾਨੇ ਆਮ ਆਦਮੀ ਨੂੰ ਤੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਆਪਣੇ ਪਾਪਾਂ ਲਈ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਭ੍ਰਿਸ਼ਟ ਅਧਿਕਾਰੀਆਂ ਅੱਗੇ ਸੂਬਾ ਸਰਕਾਰ ਨਹੀਂ ਝੁਕੀ। ਉਨ੍ਹਾਂ ਕਿਹਾ ਕਿ ‘ਆਪ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਰੱਖਦੀ ਹੈ ਪਰ ਸਿਤਮਜ਼ਰੀਫ਼ੀ ਇਹ ਹੈ ਕਿ ਸਮੂਹਿਕ ਛੁੱਟੀਆਂ `ਤੇ ਜਾ ਕੇ ਇਹ ਅਧਿਕਾਰੀ ਭ੍ਰਿਸ਼ਟਾਚਾਰ ਦਾ ਲਾਇਸੈਂਸ ਮੰਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਲੈਕਮੇਲਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਭ੍ਰਿਸ਼ਟ ਤੇ ਹੰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।  

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਦੇ ਦਬਾਅ ਦੀਆਂ ਚਾਲਾਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਅਧਿਕਾਰੀ ਰੋਜ਼ਾਨਾ ਆਮ ਆਦਮੀ ਨੂੰ ਪ੍ਰੇਸ਼ਾਨ ਕਰਦੇ ਹਨ ਪਰ ਹੁਣ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੰਗ ਪ੍ਰੇਸ਼ਾਨ ਕਰਨਾ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਢੁਕਵਾਂ ਸਬਕ ਸਿਖਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜ਼ਮੀਨੀ ਦਸਤਾਵੇਜ਼ਾਂ ਦੀ ਆਨਲਾਈਨ ਰਜਿਸਟਰੇਸ਼ਨ ਦੀ ਅਜ਼ਮਾਇਸ਼ ਚੱਲ ਰਹੀ ਹੈ ਅਤੇ ਇਸ ਨੂੰ ਜਲਦੀ ਹੀ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਲੋਕਾਂ ਨੂੰ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਵਾਂ ਮਾਪਦੰਡ ਸਥਾਪਤ ਕਰੇਗਾ। ਇਸ ਲਈ ਲੋਕਾਂ ਨੂੰ ਸੇਵਾ ਕੇਂਦਰਾਂ ਵਿੱਚ ਅਰਜ਼ੀ ਦੇਣੀ ਪਵੇਗੀ ਅਤੇ ਰਜਿਸਟਰੀਆਂ ਆਪਣੇ ਘਰ ਵਿੱਚ ਹੀ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਵਿਧੀ ਪੇਸ਼ ਕਰ ਕੇ ਜ਼ਮੀਨਾਂ ਦੀ ਰਜਿਸਟਰੀ ਦੇ ਕੰਮ ਵਿੱਚ ਕ੍ਰਾਂਤੀ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

Written By
The Punjab Wire