ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਪਹੁੰਚੀ ਪਿੰਡ ਝੰਡਾ ਲੁਬਾਣਾ, ਭੈਣੀ ਮੀਆਂ ਖਾਂ ਤੇ ਮੇਹੜੇ
ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਨਸ਼ਿਆਂ ਵਰਗੀਆਂ ਅਲਾਮਤਾਂ ਲਈ ਕੋਈ ਥਾਂ ਨਹੀਂ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 20 ਮਈ 2025 (ਦੀ ਪੰਜਾਬ ਵਾਇਰ)– ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਿਆ ਹੈ ਜਿਸ ਤਹਿਤ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਨਾਲ ਹੀ ਨਸ਼ਾ ਤਸਕਰਾਂ ਦੇ ਘਰਾਂ ਉੱਤੇ ਪੀਲਾ ਪੰਜਾ ਚਲਾ ਕੇ ਨਸ਼ਿਆਂ ਦੀ ਆਮਦਨ ਤੋਂ ਬਣੀਆਂ ਇਮਾਰਤਾਂ ਢਾਹੀਆਂ ਜਾ ਰਹੀਆਂ ਹਨ, ਕਿਉਂਕਿ ਨਸ਼ਿਆਂ ਪ੍ਰਤੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਹੈ।
ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਝੰਡਾ ਲੁਬਾਣਾ, ਭੈਣੀ ਮੀਆਂ ਖਾਂ ਤੇ ਮੇਹੜੇ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਾਲ ਨਾਲ ਨਸ਼ੇ ਤੋਂ ਪੀੜਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਨਸ਼ਿਆਂ ਵਰਗੀਆਂ ਅਲਾਮਤਾਂ ਲਈ ਕੋਈ ਥਾਂ ਨਹੀਂ ਹੈ।
ਲੋਕਾਂ ਨੂੰ ਇਸ ਲੋਕ ਲਹਿਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੇਡਾਂ ਨਾਲ ਜੁੜਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉੱਦਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਨਵੀਂ ਦਸ਼ਾ ਅਤੇ ਦਿਸ਼ਾ ਮਿਲਦੀ ਹੈ ਜਿਸ ਨਾਲ ਉਨ੍ਹਾਂ ਦੀ ਊਰਜਾ ਸਹੀ ਥਾਂ ਉੱਤੇ ਲੱਗਦੀ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਪੀੜਤ ਵਿਅਕਤੀ ਮਿਲਦਾ ਹੈ ਤਾਂ ਪਿੰਡਾਂ ਦੇ ਪਹਿਰੇਦਾਰ ਬਣੇ ਪਿੰਡ ਡਿਫੈਂਸ ਕਮੇਟੀ ਦੇ ਮੈਂਬਰ ਇਨ੍ਹਾਂ ਪੀੜਤਾਂ ਨੂੰ ਇਲਾਜ ਲਈ ਨੇੜੇ ਦੇ ਸਰਕਾਰੀ ਨਸ਼ਾ ਛੁਡਾਓ ਕੇਂਦਰ ਵਿਖੇ ਦਾਖ਼ਲ ਕਰਵਾਉਣ ਅਤੇ ਉਨ੍ਹਾਂ ਦਾ ਇਲਾਜ ਕਰਵਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਆਪਣੇ ਨਾਲ ਜੋੜ ਰਹੀ ਹੈ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਸਵੈ ਰੁਜ਼ਗਾਰ ਦੇ ਮੌਕੇ ਲੱਭਣ ਅਤੇ ਇਸ ਵਿੱਚ ਸਰਕਾਰ ਵੱਲੋਂ ਵੀ ਉਨ੍ਹਾਂ ਦੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ।