ਰਮਨ ਬਹਿਲ ਨੇ ਪਿੰਡ ਬਾਜੇਚੱਕ ਵਿਖੇ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
ਗੁਰਦਾਸਪੁਰ, 4 ਅਕਤੂਬਰ 2026 ( ਮੰਨਨ ਸੈਣੀ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਪਿੰਡ ਬਾਜੇਚੱਕ ਵਿਖੇ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨਵੀਨੀਕਰਨ ਕਾਰਜ ’ਤੇ ਲਗਭਗ 6.80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਰਾਸ਼ੀ ਗ੍ਰਾਮ ਪੰਚਾਇਤ ਨੂੰ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਬਾਜੇਚੱਕ ਦੀ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਨਾਲ ਭਾਈਚਾਰੇ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਲਈ ਬਿਹਤਰ ਸਹੂਲਤ ਮਿਲੇਗੀ।
ਉਨ੍ਹਾਂ ਇਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਜਾਇਜ਼ ਲੋੜਾਂ ਨੂੰ ਪੂਰਾ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਰਮਨ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਨਾਲ ਲੈ ਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਅਤੇ ਉਨ੍ਹਾਂ ਵੱਲੋਂ ਯਤਨ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਗ੍ਰਾਮ ਪੰਚਾਇਤ ਬਾਜੇਚੱਕ, ਈਸਾਈ ਭਾਈਚਾਰੇ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿੰਡ ਵਾਸੀਆਂ ਅਤੇ ਈਸਾਈ ਭਾਈਚਾਰੇ ਵੱਲੋਂ ਧਰਮਸ਼ਾਲਾ ਦੇ ਨਵੀਨੀਕਰਨ ਲਈ ਰਾਸ਼ੀ ਮੁਹੱਈਆ ਕਰਵਾਉਣ ’ਤੇ ਪੰਜਾਬ ਸਰਕਾਰ ਅਤੇ ਰਮਨ ਬਹਿਲ ਦਾ ਧੰਨਵਾਦ ਕੀਤਾ ਗਿਆ।