ਹਰਬੰਸ ਸਿੰਘ ਲੇਖੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ‘ਸੁਰੱਖਿਅਤ ਬਚਪਨ ਅਭਿਆਨ’ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ
26 ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ ਦੀਆਂ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਦੇ 19 ਜੁਡੀਸ਼ੀਅਲ ਅਫਸਰਾਂ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਜਾਗਰੂਕਤਾ ਪ੍ਰੋਗਰਾਮਾਂ ਵਿੱਚ 4970 ਵਿਦਿਆਰਥੀਆਂ ਨੇ ਭਾਗ ਲਿਆ
ਗੁਰਦਾਸਪੁਰ, 30 ਅਕਤੂਬਰ 2026 (ਮੰਨਨ ਸੈਣੀ)– ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਹਰਬੰਸ ਸਿੰਘ ਲੇਖੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅਭਿਆਨ ‘ਸੁਰੱਖਿਅਤ ਬਚਪਨ ਅਭਿਆਨ’ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਜਾਗਰੁਕਤਾ ਪ੍ਰੋਗਰਾਮ ਕਰਵਾਏ ਗਏ। ਇਸ ਕੈਂਪੇਨ ਤਹਿਤ ਦਫਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ 26 ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ ਦੀਆਂ ਟੀਮਾਂ ਤੋਂ ਇਲਾਵਾ ਜਿਲ੍ਹਾ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਦੇ 19 ਜੁਡੀਸ਼ੀਅਲ ਅਫਸਰਾਂ ਦੁਆਰਾ ਵੀ ਇਸ ਕੈਂਪੇਨ ਵਿੱਚ ਸਕੂਲਾਂ ਵਿੱਚ ਹਾਜਿਰ ਹੋ ਕੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਐਮੀਨੈਂਸ ਸਕੂਲ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਹੋਲੀ ਫੈਮਿਲੀ ਕਾਨਵੈਂਟ ਸਕੂਲ, ਸ੍ਰੀ ਹਰਗੋਬਿੰਦਪੁਰ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਦੇਸ਼-ਵਿਆਪੀ ਸਕੂਲ ਜਾਗਰੂਕਤਾ ਮੁਹਿੰਮ ਸਬੰਧੀ ਜਾਗਰੁਕ ਕੀਤਾ।
ਇਸ ਮੌਕੇ ਬੱਚਿਆਂ ਵੱਲੋਂ ਨੁੱਕੜ ਨਾਟਕ, ਪੇਟਿੰਗ ਮੁਕਾਬਲੇ ਅਤੇ ਮਾਰਚ ਪਾਸ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਕੈਂਪੇਨ ਦੌਰਾਨ ਅੱਜ 28 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ, ਨੁੱਕੜ ਨਾਟਕ ਅਤੇ ਮਾਰਚ ਪਾਸ ਕਰਵਾਏ ਗਏ ਅਤੇ ਇਹਨਾਂ ਵਿੱਚ ਲਗਭਗ 4970 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।
ਇਹਨਾਂ ਜਾਗਰੁਕਤਾ ਪ੍ਰੋਗਰਾਮਾਂ ਦੌਰਾਨ ਜੁਡੀਸ਼ੀਅਲ ਅਫਸਰਾਂ ਦੁਆਰਾ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ, 2012 (POCSO Act 2012) ਬਾਰੇ ਜਾਣਕਾਰੀ ਦਿੱਤੀ, ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਅਤੇ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਬਾਰੇ ਦੱਸਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਪੋਕਸੇ ਐਕਟ, 2012 ਦਾ ਉਦੇਸ਼ ਬੱਚਿਆਂ ਨੂੰ ਜਿਨਸੀ ਸ਼ੋਸ਼ਣ, ਜਿਨਸੀ ਉਤਪੀੜਨ ਅਤੇ ਅਸ਼ਲੀਲ ਸਮੱਗਰੀ ਨਾਲ ਸਬੰਧਤ ਅਪਰਾਧਾਂ ਤੋਂ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ। ਇਸ ਕਾਨੂੰਨ ਅਧੀਨ ਬੱਚਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸੰਵੇਦਨਸ਼ੀਲਤਾ, ਗੋਪਨੀਯਤਾ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਦੁਰਵਿਵਹਾਰ ਦੀ ਸਥਿਤੀ ਵਿੱਚ ਤੁਰੰਤ ਢੁਕਵੇਂ ਅਧਿਕਾਰੀਆਂ ਨੂੰ ਸੂਚਿਤ ਕਰਨ। ਬੱਚਿਆਂ ਨੂੰ ਇਹ ਭਰੋਸਾ ਦਿਵਾਉਣਾ ਵੀ ਜ਼ਰੂਰੀ ਹੈ ਕਿ ਕਿਸੇ ਵੀ ਗਲਤ ਘਟਨਾ ਬਾਰੇ ਦੱਸਣ ‘ਤੇ ਉਨ੍ਹਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ, ਸਗੋਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੁਹਿੰਮ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦਾ ਉਦੇਸ਼ ਬੱਚਿਆਂ ਵਿੱਚ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਉਨ੍ਹਾਂ ਨੂੰ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਦੇਣਾ ਅਤੇ ਇੱਕ ਅਜਿਹਾ ਸਮਾਜ ਸਿਰਜਣ ਲਈ ਯਤਨ ਕਰਨਾ ਹੈ, ਜਿੱਥੇ ਹਰ ਬੱਚਾ ਸੁਰੱਖਿਅਤ, ਸਨਮਾਨਜਨਕ ਅਤੇ ਨਿਡਰ ਮਾਹੌਲ ਵਿੱਚ ਆਪਣਾ ਬਚਪਨ ਬਤੀਤ ਕਰ ਸਕੇ।
ਅਭਿਆਨ ਦਾ ਪਹਿਲਾ ਪੜਾਅ 31.10.2026 ਨੂੰ ਸੰਪੰਨ ਹੋ ਰਿਹਾ ਹੈ। ਅਭਿਆਨ ਦੇ ਦੂਸਰੇ ਪੜਾਅ ਵਿੱਚ ਵੱਖ-ਵੱਖ ਸਕੂਲਾਂ ਵਿੱਚੋਂ 2-2 ਅਧਿਆਪਕਾਂ ਦੀ ਟਰੇਨਿੰਗ ਕਰਕੇ ਇਸ ਅਭਿਆਨ ਨੂੰ ਪੂਰੇ ਸਾਲ ਨਵੰਬਰ, 2027 ਤੱਕ ਚਲਾਇਆ ਜਾਵੇਗਾ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਉਹਨਾਂ ਨੂੰ ਇਸ ਸਬੰਧੀ ਕਾਨੂੰਨਾਂ ਬਾਰੇ ਜਾਣਕਾਰੀ ਮਿਲ ਸਕੇ।