ਗੁਰਦਾਸਪੁਰ

ਪੰਜਾਬ ਚੋਣਾਂ ਵਿੱਚ ਕਾਂਗਰਸ ਦਾ ਮੁਕਾਬਲਾ ‘ਆਪ’ ਨਾਲ: ਪਾਇਲਟ

ਪੰਜਾਬ ਚੋਣਾਂ ਵਿੱਚ ਕਾਂਗਰਸ ਦਾ ਮੁਕਾਬਲਾ ‘ਆਪ’ ਨਾਲ: ਪਾਇਲਟ
  • PublishedNovember 13, 2026

ਗੁਰਦਾਸਪੁਰ ਵਿੱਚ ਪਾਰਟੀ ਆਗੂਆਂ ਨਾਲ ਚੋਣ ਮੀਟਿੰਗ, ਅਕਾਲੀ ਦਲ ਨੂੰ ਪੁੱਛਿਆ: ਭਾਜਪਾ ਤੋਂ ਵੱਖ ਹੋਣ ਦੇ ਕਾਰਨ ਕੀ ਖ਼ਤਮ ਹੋ ਗਏ?

ਗੁਰਦਾਸਪੁਰ, 13 ਨਵੰਬਰ 2026 (ਮੰਨਨ ਸੈਣੀ)। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਨਾਲ ਹੋਵੇਗਾ। ਪਾਇਲਟ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਆਗੂਆਂ ਅਤੇ ਪ੍ਰਮੁੱਖ ਅਹੁਦੇਦਾਰਾਂ ਨਾਲ ਚੋਣਾਂ ਸਬੰਧੀ ਮੀਟਿੰਗ ਕਰਨ ਲਈ ਪਹੁੰਚੇ ਸਨ।

ਮੀਟਿੰਗ ਵਿੱਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ, ਵਿਧਾਇਕ ਨਰੇਸ਼ ਪੁਰੀ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਣੀ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਮੇਤ ਹੋਰ ਆਗੂ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ਬਾਰੇ ਪਾਇਲਟ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ, ਪਰ ਅਕਾਲੀ ਦਲ ਨੂੰ ਦੱਸਣਾ ਚਾਹੀਦਾ ਹੈ ਕਿ ਜਿਨ੍ਹਾਂ ਕਾਰਨਾਂ ਕਰਕੇ ਉਸ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਕਾਰਨ ਹੁਣ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਈ ਧੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ। ਚੋਣਾਂ ਵਿੱਚ ਕਈ ਪਾਰਟੀਆਂ ਉਤਰਨਗੀਆਂ, ਪਰ ਸਰਕਾਰ ਬਣਾਉਣ ਦੀ ਸਮਰੱਥਾ ਸਿਰਫ਼ ਕਾਂਗਰਸ ਕੋਲ ਹੈ।

‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਪਾਇਲਟ ਨੇ ਕਿਹਾ ਕਿ ਪਾਰਟੀ ਦੇ ਕਈ ਰਾਜ ਸਭਾ ਮੈਂਬਰ ਇਸ ਨੂੰ ਛੱਡ ਚੁੱਕੇ ਹਨ, ਕੁਝ ਵਿਧਾਇਕ ਬਗ਼ਾਵਤ ਕਰ ਚੁੱਕੇ ਹਨ ਅਤੇ ਕਈ ਮੁਅੱਤਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ 92 ਵਿਧਾਇਕ ਦੇ ਕੇ ਜੋ ਭਰੋਸਾ ਜਤਾਇਆ ਸੀ, ਸਰਕਾਰ ਉਸ ਨੂੰ ਗੁਆ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਨੂੰ ਪੰਜਾਬ ਦੇ ਵਿਕਾਸ ਦੀ ਥਾਂ ਮੰਤਰੀਆਂ, ਵਿਧਾਇਕਾਂ ਅਤੇ ਦਿੱਲੀ ਦੇ ਆਗੂਆਂ ਨੂੰ ਖ਼ੁਸ਼ ਕਰਨ ‘ਤੇ ਖ਼ਰਚ ਕੀਤਾ ਹੈ। ਨਸ਼ਿਆਂ, ਅਮਨ-ਕਾਨੂੰਨ ਅਤੇ ਫ਼ਿਰੌਤੀਆਂ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਦੀ ਗੰਭੀਰਤਾ ‘ਤੇ ਸਵਾਲ ਚੁੱਕੇ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਦਿੱਲੀ ਦੀ ਸੱਤਾ ਪਹਿਲਾਂ ਹੀ ਗੁਆ ਚੁੱਕੀ ਹੈ ਅਤੇ ਹੁਣ ਉਸ ਦੀ ਨਜ਼ਰ ਪੰਜਾਬ ਦੇ ਖ਼ਜ਼ਾਨੇ ‘ਤੇ ਹੈ।

ਪਾਇਲਟ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਮਿਲੀ ਹਾਰ ਨੂੰ ਕਾਂਗਰਸ ਨੇ ਪ੍ਰਵਾਨ ਕੀਤਾ ਸੀ ਅਤੇ ਪਾਰਟੀ ਲੀਡਰਸ਼ਿਪ ਨੇ ਲੋਕਾਂ ਦੀ ਹਰ ਵੋਟ ਦਾ ਸਤਿਕਾਰ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਮੁਤਾਬਕ ਪੰਜਾਬ ਦੇ ਲੋਕ 5 ਸਾਲ ‘ਆਪ’ ਸਰਕਾਰ ਨੂੰ ਦੇਖ ਚੁੱਕੇ ਹਨ ਅਤੇ ਹੁਣ ਕਾਂਗਰਸ ਦੀ ਵਾਪਸੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦਾ ਸਰਬਪੱਖੀ ਵਿਕਾਸ ਕਾਂਗਰਸ ਹੀ ਕਰ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜ਼ਾਬਤਾ ਲੱਗਦਿਆਂ ਹੀ ‘ਆਪ’ ਖਿੰਡ ਜਾਵੇਗੀ।

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲੋਕ ਚੋਣ ਜ਼ਾਬਤਾ ਲੱਗਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ, ਉਹ ਬਾਗ਼ੀ ਸੁਰ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਮਹੀਨਿਆਂ ਵਿੱਚ ਹੀ ਕਾਂਗਰਸ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਲੀਹ ‘ਤੇ ਲਿਆਵੇਗੀ।

ਇਸ ਮੌਕੇ ਸੂਰਜ ਠਾਕੁਰ, ਅਮਿਤ ਵਿੱਜ, ਪੰਨਾ ਲਾਲ ਭਾਟੀਆ ਅਤੇ ਨੰਗਲ ਤੋਂ ਮਨਦੀਪ ਸਿੰਘ ਰੰਗੜ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।

Written By
The Punjab Wire