ਪੰਜਾਬ

ਸੇਵਾ ਕੇਂਦਰ ਕਰਮਚਾਰੀਆਂ ਦੇ ਨਾਲ ਡੱਟ ਕੇ ਖੜੇਗੀ ਭਾਰਤੀ ਜਨਤਾ ਪਾਰਟੀ -ਸੁਨੀਲ ਜਾਖੜ

ਸੇਵਾ ਕੇਂਦਰ ਕਰਮਚਾਰੀਆਂ ਦੇ ਨਾਲ ਡੱਟ ਕੇ ਖੜੇਗੀ ਭਾਰਤੀ ਜਨਤਾ ਪਾਰਟੀ -ਸੁਨੀਲ ਜਾਖੜ
  • PublishedNovember 15, 2026

ਚੰਡੀਗੜ੍ਹ 15 ਨਵੰਬਰ 2026 (ਦੀ ਪੰਜਾਬ ਵਾਇਰ)– ਭਾਰਤੀ ਜਨਤਾ ਪਾਰਟੀ ਦੀ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਸੇਵਾ ਕੇਂਦਰ ਕਰਮਚਾਰੀਆਂ ਦਾ ਵਫਦ ਮਿਲਿਆ। ਸੁਨੀਲ ਜਾਖੜ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਵੇਗਾ ਅਤੇ ਨਾਲ ਹੀ ਕਿਹਾ ਕਿ ਪਾਰਟੀ ਆਪਣੇ ਮੈਨੀਫੈਸਟੋ ਵਿੱਚ ਵੀ ਇਸ ਸਬੰਧੀ ਵੇਰਵੇ ਦਰਜ ਕਰੇਗੀ। ਉਹਨਾਂ ਨੇ ਕਿਹਾ ਕਿ ਹੁਣ ਵੀ ਭਾਰਤੀ ਜਨਤਾ ਪਾਰਟੀ ਉਹਨਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀਆਂ ਮੁਸ਼ਕਲਾਂ ਨੂੰ ਉਚਿਤ ਮੰਚ ਤੇ ਉਠਾਇਆ ਜਾਵੇਗਾ।

ਸੁਨੀਲ ਜਾਖੜ ਨੇ ਦੱਸਿਆ ਕਿ ਇੱਕ ਪਾਸੇ ਤਾਂ ਭਗਵੰਤ ਸਿੰਘ ਮਾਨ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਕਰ ਰਹੀ ਹੈ ਪਰ ਦੂਜੇ ਪਾਸੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਸੈਂਕੜੇ ਨੌਜਵਾਨਾਂ ਨੂੰ ਕਾਨੂੰਨ ਅਨੁਸਾਰ ਬਣਦੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਉਹਨਾਂ ਨੇ ਕਿਹਾ ਕਿ ਘੱਟੋ ਘੱਟ ਤਨਖਾਹਾਂ ਤੋਂ ਵੀ ਘੱਟ ਤਨਖਾਹ ਦੇ ਕੇ ਇਹਨਾਂ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਸਰਕਾਰ ਤੋਂ ਠੇਕੇ ਤੇ ਲੈ ਕੇ ਸੇਵਾ ਕੇਂਦਰ ਚਲਾ ਰਹੀ ਕੰਪਨੀ ਵੱਲੋਂ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਇਹਨਾਂ ਨੌਜਵਾਨਾਂ ਨੂੰ ਉਚਿਤ ਤਨਖਾਹ ਮਿਲੇ ਇਸ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਉਹਨਾਂ ਨੇ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦੇ ਦੋਹਰੇ ਚਰਿੱਤਰ ਦਾ ਪ੍ਰਮਾਣ ਹੈ। ਉਹਨਾਂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਉਹਨਾਂ ਦੇ ਨਾਲ ਡੱਟ ਕੇ ਖੜੀ ਹੈ।

Written By
The Punjab Wire