Close

Recent Posts

‘ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

‘ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਰਾਜਨੀਤੀ

ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਤਿਹਾਸਕ ਕਦਮ: ਕੇਵਲ ਸਿੰਘ ਢਿੱਲੋਂ

ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਤਿਹਾਸਕ ਕਦਮ: ਕੇਵਲ ਸਿੰਘ ਢਿੱਲੋਂ
  • PublishedNovember 24, 2026

ਆਮ ਆਦਮੀ ਪਾਰਟੀ ਦੇ ਰਾਜ ‘ਚ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ ਅਤੇ ਬੇਰੁਜ਼ਗਾਰੀ ਨੇ ਪੰਜਾਬ ਦੇ ਹਾਲਾਤ ਚਿੰਤਾਜਨਕ ਬਣਾਏ: ਢਿੱਲੋਂ

ਭਾਜਪਾ-ਅਕਾਲੀ ਦਲ ਮਿਲ ਕੇ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਅਤੇ ਖ਼ੁਸ਼ਹਾਲ ਸੂਬਾ ਬਣਾਉਣਗੇ

ਚੰਡੀਗੜ੍ਹ, 24 ਨਵੰਬਰ 2026 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਐਲਾਨ ਹੋਣ ਦਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਭਵਿੱਖ, ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਹੋਇਆ ਇਹ ਐਲਾਨ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਦਿਸ਼ਾ ਤੈਅ ਕਰੇਗਾ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਭਾਜਪਾ ਅਤੇ ਅਕਾਲੀ ਦਲ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਭਾਈਚਾਰਕ ਸਾਂਝ ਅਤੇ ਆਪਸੀ ਵਿਸ਼ਵਾਸ ਦਾ ਰਿਹਾ ਹੈ। ਇਸ ਸਾਂਝ ਦੇ ਦੌਰ ਵਿੱਚ ਪੰਜਾਬ ਨੇ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇਖੀ ਹੈ। ਅੱਜ ਪੰਜਾਬ ਨੂੰ ਮੁੜ ਉਸੇ ਤਰ੍ਹਾਂ ਦੀ ਮਜ਼ਬੂਤ ਲੀਡਰਸ਼ਿਪ ਅਤੇ ਸਥਿਰ ਸਰਕਾਰ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਦਾ ਹਰ ਵਰਗ, ਚਾਹੇ ਕਿਸਾਨ ਹੋਵੇ, ਮਜ਼ਦੂਰ, ਵਪਾਰੀ, ਮੁਲਾਜ਼ਮ, ਨੌਜਵਾਨ ਜਾਂ ਮਹਿਲਾਵਾਂ, ਮੌਜੂਦਾ ਹਾਲਾਤਾਂ ਤੋਂ ਚਿੰਤਤ ਹੈ। ਗੈਂਗਸਟਰਾਂ ਦੀਆਂ ਫਿਰੌਤੀ ਕਾਲਾਂ ਅਤੇ ਅਪਰਾਧਿਕ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਬਹਾਲੀ ਸਾਡੀ ਸਭ ਤੋਂ ਵੱਡੀ ਤਰਜੀਹ ਹੋਵੇਗੀ ਅਤੇ ਗੈਂਗਸਟਰਾਂ ਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਸ਼ਿਆਂ ਦੇ ਮੁੱਦੇ ‘ਤੇ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਨਸ਼ਾ ਅੱਜ ਪੰਜਾਬ ਦੀ ਸਭ‌ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ। ਹਰ ਰੋਜ਼ ਸਾਡੇ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ। ਤਿੰਨ ਮਹੀਨਿਆਂ ਵਿਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਨਸ਼ਾ ਘਰ ਘਰ ਤੱਕ ਪਹੁੰਚ ਗਿਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਦੇ ਸੰਕਲਪ ਨਾਲ ਅੱਗੇ ਵਧੇਗੀ‌ 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਕੱਚੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਡੀਏ ਦੀਆਂ ਕਿਸ਼ਤਾਂ ਬਕਾਇਆ ਹਨ ਅਤੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਭਾਜਪਾ-ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਮੁਲਾਜ਼ਮਾਂ ਦੇ ਹੱਕਾਂ ਅਤੇ ਮਾਣ-ਸਨਮਾਨ ਦੀ ਬਹਾਲੀ ਨੂੰ ਤਰਜੀਹ ਦਿੱਤੀ ਜਾਵੇਗੀ।

ਨੌਜਵਾਨਾਂ ਦੇ ਭਵਿੱਖ ਬਾਰੇ ਗੱਲ ਕਰਦਿਆਂ ਢਿੱਲੋਂ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ। ਪੰਜਾਬ ਦੀ ਜਵਾਨੀ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਨਅਤਾਂ, ਸਟਾਰਟਅੱਪ, ਖੇਡਾਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਨੌਜਵਾਨ ਆਪਣੇ ਸੂਬੇ ਵਿੱਚ ਰਹਿ ਕੇ ਹੀ ਆਪਣੇ ਸੁਪਨੇ ਪੂਰੇ ਕਰ ਸਕਣ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਪਹਿਲਾਂ ਹੀ ਬਰਬਾਦ ਕਰ ਦਿੱਤਾ ਹੈ, ਜਦਕਿ ਕਾਂਗਰਸ ਕੋਲ ਵੀ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ ਹੈ। ਕਾਂਗਰਸ 1984 ਵਿੱਚ ਦਰਬਾਰ ਸਾਹਿਬ ਤੇ ਹਮਲਾ ਕਰਨ ਵਾਲੀ ਅਤੇ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਸਿੱਖ ਵਿਰੋਧੀ ਪਾਰਟੀ ਹੈ, ਜਿਸਨੂੰ ਪੰਜਾਬ ਦੇ ਲੋਕ ਕਦੇ ਭੁੱਲ ਨਹੀਂ ਸਕਦੇ। ਉਹਨਾਂ ਕਿਹਾ ਕਿ ਕਾਂਗਰਸ ਦੀ ਲੜਾਈ ਸਿਰਫ ਕੁਰਸੀ ਲਈ ਹੈ ਅਤੇ ਇਸਦੇ ਨੇਤਾ ਕੁਰਸੀ ਲਈ ਹੀ ਲੜ ਰਹੇ ਹਨ। ਕਾਂਗਰਸ ਦਾ ਪੰਜਾਬ ਅਤੇ ਪੰਜਾਬ ਦੇ ਮੁੱਦਿਆਂ ਨਾਲ ਕੋਈ ਸਾਰੋਕਾਰ ਨਹੀਂ ਹੈ। ਜਿਸ ਕਰਕੇ ਪੰਜਾਬ ਦੀ ਇੱਕੋ ਇੱਕ ਉਮੀਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਹੈ, ਜੋ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਪੰਜਾਬ ਦੇ ਲੋਕਾਂ ਵਿੱਚ ਜਾਣਗੇ। ਡਬਲ ਇੰਜਣ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਸੁਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਸ ਕਰਕੇ ਵੀ ਵਿਸ਼ੇਸ਼ ਹੈ ਕਿਉਂਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਪਵਿੱਤਰ ਦਿਹਾੜੇ ‘ਤੇ ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਦਾ ਐਲਾਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸਰਬੱਤ ਦੇ ਭਲੇ, ਆਪਸੀ ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀਆਂ ਹਨ।

ਸੂਬਾ ਪ੍ਰਧਾਨ ਢਿੱਲੋਂ ਨੇ ਇਸ ਇਤਿਹਾਸਕ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਮਿਲ ਕੇ ਪੰਜਾਬ ਨੂੰ ਮੁੜ ਅਮਨ, ਵਿਕਾਸ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣ ਲਈ ਵਚਨਬੱਧ ਹਨ।

Written By
The Punjab Wire