26 ਨਵੰਬਰ ਨੂੰ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ
ਪੰਜਾਬ ਖ਼ੁਸ਼ਹਾਲ ਰੈਲੀ ‘ਆਪ’ ਦੀ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਵੀ ਕਰੇਗੀ: ਬਲਤੇਜ ਪੰਨੂ
ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਏ ਲਿਖੇਗੀ, ‘ਆਪ’ ਲੋਕਾਂ ਸਾਹਮਣੇ ਆਪਣਾ ਪੰਜ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰੇਗੀ: ਬਲਤੇਜ ਪੰਨੂ
ਮੈਰਿਟ ਦੇ ਆਧਾਰ ‘ਤੇ 78,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, 90% ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਅਧੀਨ ਨਹਿਰੀ ਸਿੰਚਾਈ ਦਾ ਦਾਇਰਾ 22-23% ਤੋਂ ਵਧ ਕੇ ਲਗਭਗ 88% ਹੋਇਆ: ਬਲਤੇਜ ਪੰਨੂ
ਮੋਗਾ ਵਿੱਚ ਹੋਣ ਵਾਲੀ ਮਹਾਂ ਰੈਲੀ ਵਿੱਚ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ‘ਆਪ’ ਲੀਡਰਸ਼ਿਪ ਸ਼ਿਰਕਤ ਕਰੇਗੀ
‘ਆਪ’ ਸਰਕਾਰ ਨੇ ਸਾਰੀਆਂ ਚੋਣ ਗਾਰੰਟੀਆਂ ਪੂਰੀਆਂ ਕੀਤੀਆਂ, ਮੁਫ਼ਤ ਬਿਜਲੀ, ਰੁਜ਼ਗਾਰ, ਸਿੰਚਾਈ, ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਹਰ ਪਾਸੇ ਕੰਮ ਦਿਖਾਈ ਦੇ ਰਿਹਾ ਹੈ: ਬਲਤੇਜ ਪੰਨੂ
‘ਆਪ’ ਦੀ ਮਹਾਂ ਰੈਲੀ ਵਿੱਚ ਲੋਕਾਂ ਦੀ ਸਹੂਲਤ ਲਈ ਪਾਰਕਿੰਗ, ਲੰਗਰ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਸਮੇਤ ਪੁਖ਼ਤਾ ਪ੍ਰਬੰਧ ਕੀਤੇ ਗਏ
ਚੰਡੀਗੜ੍ਹ, 25 ਨਵੰਬਰ 2026 ( ਦੀ ਪੰਜਾਬ ਵਾਇਰ)– ਆਮ ਆਦਮੀ ਪਾਰਟੀ (ਆਪ) ਦੇ 15ਵੇਂ ਸਥਾਪਨਾ ਦਿਵਸ ਦੇ ਜਸ਼ਨਾਂ ਅਤੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਤੋਂ ਪਹਿਲਾਂ, ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਮਹਾਂ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਏ ਲਿਖੇਗੀ। ਇਸ ਮੌਕੇ ਪਾਰਟੀ ਲੋਕਾਂ ਸਾਹਮਣੇ ਆਪਣਾ ਪੰਜ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਦਾ ਰਸਮੀ ਆਗਾਜ਼ ਕਰੇਗੀ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਇਸ ਰੈਲੀ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੁੱਚੀ ਕੈਬਨਿਟ ਅਤੇ ਸੀਨੀਅਰ ਪਾਰਟੀ ਲੀਡਰਸ਼ਿਪ ਮੌਜੂਦ ਰਹੇਗੀ। ਇਹ ਵਿਸ਼ਾਲ ਇਕੱਠ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਡੀ ਮੁਹਿੰਮ ਦੀ ਸ਼ੁਰੂਆਤ ਕਰੇਗਾ ਅਤੇ ਇਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।”
‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਜੁਲਾਈ 2022 ਵਿੱਚ ਹਰ ਘਰ ਲਈ ਪ੍ਰਤੀ ਬਿੱਲ ਚੱਕਰ 600 ਯੂਨਿਟ ਮੁਫ਼ਤ ਬਿਜਲੀ ਦੀ ਸ਼ੁਰੂਆਤ ਕੀਤੀ ਸੀ। ਅੱਜ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਇਹ ਆਮ ਪਰਿਵਾਰਾਂ ਨੂੰ ਸਿੱਧੀ ਰਾਹਤ ਦੇਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਭਗਵੰਤ ਮਾਨ ਸਰਕਾਰ ਦੀਆਂ ਰੁਜ਼ਗਾਰ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਕੈਬਨਿਟ ਮੀਟਿੰਗ ਤੋਂ ਹੀ ਰੁਜ਼ਗਾਰ ਨੂੰ ਤਰਜੀਹ ਦਿੱਤੀ। ਅੱਜ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼, ਭਾਈ-ਭਤੀਜਾਵਾਦ ਜਾਂ ਰਿਸ਼ਵਤਖੋਰੀ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ 78,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।”
ਨਹਿਰੀ ਸਿੰਚਾਈ ਦੀ ਬਹਾਲੀ ਨੂੰ ਸਰਕਾਰ ਦੀਆਂ ਸਭ ਤੋਂ ਅਹਿਮ ਪ੍ਰਾਪਤੀਆਂ ਵਿੱਚੋਂ ਇੱਕ ਦੱਸਦਿਆਂ ਬਲਤੇਜ ਪੰਨੂ ਨੇ ਕਿਹਾ, “ਜਦੋਂ ‘ਆਪ’ ਸੱਤਾ ਵਿੱਚ ਆਈ ਸੀ, ਤਾਂ ਖੇਤਾਂ ਤੱਕ ਸਿਰਫ਼ 22-23 ਫ਼ੀਸਦੀ ਨਹਿਰੀ ਪਾਣੀ ਹੀ ਪਹੁੰਚ ਰਿਹਾ ਸੀ। ਲਗਾਤਾਰ ਯਤਨਾਂ ਸਦਕਾ ਇਹ ਅੰਕੜਾ ਹੁਣ ਵਧ ਕੇ ਲਗਭਗ 88% ਹੋ ਗਿਆ ਹੈ। ਅਸੀਂ ਪਹਿਲੇ ਦਿਨ ਤੋਂ ਹੀ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਸੀ।”
ਉਨ੍ਹਾਂ ਅੱਗੇ ਕਿਹਾ ਕਿ ਨਹਿਰੀ ਪਾਣੀ ਦੀ ਬਿਹਤਰ ਵਰਤੋਂ ਨੇ ਹੜ੍ਹਾਂ ਦੇ ਸੀਜ਼ਨ ਦੌਰਾਨ ਪਾਣੀ ਦੇ ਪ੍ਰਬੰਧਨ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਪੰਜਾਬ ਨੂੰ ਇਸ ਵਾਰ ਹੜ੍ਹਾਂ ਨਾਲ ਸਬੰਧਤ ਵੱਡੀਆਂ ਮੁਸ਼ਕਲਾਂ ਤੋਂ ਬਚਣ ਵਿੱਚ ਮਦਦ ਮਿਲੀ। ਨਹਿਰੀ ਪਾਣੀ ਦੀ ਬਿਹਤਰ ਉਪਲਬਧਤਾ ਨੇ ਝੋਨੇ ਦੇ ਸੀਜ਼ਨ ਦੌਰਾਨ ਫ਼ਸਲਾਂ ਦੇ ਝਾੜ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਇਆ ਹੈ, ਜਿਸ ਨਾਲ ਕਿਸਾਨਾਂ ਨੂੰ ਹੋਰ ਰਾਹਤ ਮਿਲੀ ਹੈ।
ਬਲਤੇਜ ਪੰਨੂ ਨੇ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ। 18 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਲਗਭਗ 64 ਲੱਖ ਰੁਪਏ ਬਚ ਰਹੇ ਹਨ। ਇਹ ਫ਼ੈਸਲੇ ਦਰਸਾਉਂਦੇ ਹਨ ਕਿ ਸਾਡੀ ਸਰਕਾਰ ਆਮ ਲੋਕਾਂ ‘ਤੇ ਵਿੱਤੀ ਬੋਝ ਘਟਾਉਣ ਲਈ ਵਚਨਬੱਧ ਹੈ।”
ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸੜਕ ਸੁਰੱਖਿਆ ਨੂੰ ਸਮਰਪਿਤ ਅਜਿਹੀ ਵਿਸ਼ੇਸ਼ ਫੋਰਸ ਸਥਾਪਤ ਕਰਨ ਵਾਲਾ ਇਕਲੌਤਾ ਸੂਬਾ ਹੈ। ਸੰਸਦੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਹਾਦਸਿਆਂ ਵਾਲੀਆਂ ਥਾਵਾਂ ‘ਤੇ ਹੋਣ ਵਾਲੀਆਂ ਮੌਤਾਂ ਵਿੱਚ 48% ਦੀ ਕਮੀ ਆਈ ਹੈ।
ਉਨ੍ਹਾਂ ਅੱਗੇ ਕਿਹਾ, “ਸੜਕ ਸੁਰੱਖਿਆ ਫੋਰਸ ਨਾ ਸਿਰਫ਼ ਕੀਮਤੀ ਜਾਨਾਂ ਬਚਾ ਰਹੀ ਹੈ, ਸਗੋਂ ਹਾਦਸਾ ਪੀੜਤਾਂ ਦੇ ਕਰੋੜਾਂ ਰੁਪਏ ਦੇ ਕੀਮਤੀ ਸਾਮਾਨ ਦੀ ਵੀ ਰਾਖੀ ਕਰ ਰਹੀ ਹੈ, ਜੋ ਕਿ ਪਹਿਲਾਂ ਗੁੰਮ ਜਾਂ ਚੋਰੀ ਹੋ ਸਕਦਾ ਸੀ।”
ਸਿੱਖਿਆ ਦੇ ਖੇਤਰ ਵਿੱਚ ਹੋਏ ਸੁਧਾਰਾਂ ਬਾਰੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ, “ਪੰਜਾਬ ਨੇ ਸਿੱਖਿਆ ਨਾਲ ਸਬੰਧਤ ਦਰਜਾਬੰਦੀ ਵਿੱਚ ਕੇਰਲ ਨੂੰ ਪਛਾੜ ਕੇ ਸਿਖਰਲਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਵੱਡੀ ਗਿਣਤੀ ਵਿੱਚ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਇਹ ਸਾਡੇ ਸਰਕਾਰੀ ਸਕੂਲਾਂ ਵਿੱਚ ਆ ਰਹੇ ਬਦਲਾਅ ਨੂੰ ਦਰਸਾਉਂਦਾ ਹੈ।”
ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਹਸਪਤਾਲਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਸਥਾਪਤ ਕੀਤੇ ਹਨ, ਜਿਸ ਨਾਲ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
26 ਨਵੰਬਰ ਦੇ ਸਮਾਗਮ ਦੇ ਵੇਰਵੇ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ, “ਪੰਜਾਬ ਖ਼ੁਸ਼ਹਾਲ ਰੈਲੀ ਮੋਗਾ-ਲੁਧਿਆਣਾ ਰੋਡ ‘ਤੇ ਕਰਵਾਈ ਜਾਵੇਗੀ ਅਤੇ ਇਹ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”
ਉਨ੍ਹਾਂ ਦੱਸਿਆ ਕਿ ਦੋ ਥਾਵਾਂ ‘ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਲੰਗਰ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦਾ ਵੀ ਉਚੇਚਾ ਪ੍ਰਬੰਧ ਕੀਤਾ ਗਿਆ ਹੈ। ਰੈਲੀ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਅਤੇ ਸੁਰੱਖਿਆ ਕਰਮਚਾਰੀ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਤਾਲਮੇਲ ਕਰ ਰਹੇ ਹਨ।
ਬਲਤੇਜ ਪੰਨੂ ਨੇ ਪੰਜਾਬ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਪੰਜਾਬ ਖ਼ੁਸ਼ਹਾਲ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਦੇ ਜਸ਼ਨਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵੱਲੋਂ ਕੀਤੀ ਤਰੱਕੀ ਦਾ ਹਿੱਸਾ ਬਣਨ।