ਬਠਿੰਡਾ, 24 ਜੁਲਾਈ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅੰਦਰੂਨੀ ਮਤਭੇਦ ਜੱਗ ਜ਼ਾਹਰ ਹੁੰਦੇ ਨਜ਼ਰ ਆ ਰਹੇ ਹਨ। ਜਿੱਥੇ ਸੂਬਾ ਪ੍ਰਧਾਨ ਸੁਨੀਲ ਜਾਖੜ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਵਕਾਲਤ ਕਰ ਰਹੇ ਹਨ, ਉੱਥੇ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਨਾਲ ਸਹਿਮਤ ਨਹੀਂ ਜਾਪਦੇ। ਹਾਲਾਂਕਿ ਅੰਦਰ ਖਿਚੜੀ ਕੀ ਪੱਕ ਰਹੀ ਹੈ, ਇਸ ਬਾਰੇ ਹਾਲੇ ਸੱਭ ਕੁਝ ਭਵਿੱਖ ਦੇ ਗਰਭ ਅੰਦਰ ਹੈ।
ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਨੇ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੀ ਸੀ। ਸ਼ਰਮਾ ਨੇ ਦਾਅਵਾ ਕੀਤਾ ਕਿ ਪਾਰਟੀ ਵਰਕਰ ਪੂਰੇ ਜੋਸ਼ ਨਾਲ ਸੂਬੇ ਵਿੱਚ “ਕਮਲ” ਖਿਲਾਉਣ ਵਿੱਚ ਜੁਟੇ ਹੋਏ ਹਨ।
ਮਨਪ੍ਰੀਤ ਬਾਦਲ ਨਾਲ ਮੁਲਾਕਾਤ, ਵਰਕਰਾਂ ‘ਚ ਭਰਿਆ ਜੋਸ਼
ਬਠਿੰਡਾ ਦੌਰੇ ‘ਤੇ ਆਏ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਕਰੀਬ ਦੋ ਘੰਟੇ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸ਼ਰਮਾ ਨੇ ਵਰਕਰਾਂ ਵਿੱਚ ਵੀ ਜੋਸ਼ ਭਰਿਆ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਬਠਿੰਡਾ ਦੌਰਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਹਰ ਵਿਅਕਤੀ ਹੁਣ ਸੂਬੇ ਦੀ ਸੱਤਾ ਤੋਂ ਆਮ ਆਦਮੀ ਪਾਰਟੀ ਤੋਂ ਮੁਕਤੀ ਚਾਹੁੰਦਾ ਹੈ।”
ਸ਼ਰਮਾ ਨੇ ਦੁਹਰਾਇਆ ਕਿ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ 117 ਸੀਟਾਂ ‘ਤੇ ਲੜੀਆਂ ਸਨ, ਜਦਕਿ ਲੋਕ ਸਭਾ ਚੋਣਾਂ ਵੀ ਸਾਰੀਆਂ 13 ਸੀਟਾਂ ‘ਤੇ ਲੜੀਆਂ ਜਾ ਚੁੱਕੀਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ਭਾਜਪਾ ਦੀ ਪੰਜਾਬ ਇਕਾਈ ਦੇ ਅੰਦਰ ਗਠਜੋੜ ਨੂੰ ਲੈ ਕੇ ਦੋ ਵੱਖੋ-ਵੱਖਰੀਆਂ ਧਾਰਾਵਾਂ ਚੱਲ ਰਹੀਆਂ ਹਨ, ਜੋ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਲਈ ਇੱਕ ਵੱਡੀ ਚੁਣੌਤੀ ਬਣ ਸਕਦੀਆਂ ਹਨ।