ਸਰਚ ਆਪ੍ਰੇਸ਼ਨ ਦੌਰਾਨ 2 ਪਿਸਟਲ, 59 ਜਿੰਦਾ ਰੌਂਦ ਅਤੇ 4 ਹੈਂਡ ਗ੍ਰਨੇਡ ਬਰਾਮਦ; ਸਰਹੱਦੀ ਖੇਤਰ ਵਿੱਚ ਸਾਂਝੀ ਕਾਰਵਾਈ ਨਾਲ ਤਸਕਰੀ ਦੇ ਮਨਸੂਬਿਆਂ ਨੂੰ ਵੱਡਾ ਝਟਕਾ
ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਪੁਲਿਸ ਦੀ ਤਰਜੀਹ: ਐੱਸਐੱਸਪੀ ਤੁਸ਼ਾਰ ਗੁਪਤਾ
ਗੁਰਦਾਸਪੁਰ, 28 ਨਵੰਬਰ 2026 (ਮੰਨਨ ਸੈਣੀ)। ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਗੁਰਦਾਸਪੁਰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਦੋਵਾਂ ਬਲਾਂ ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ। ਪਿੰਡ ਹਰਦੋਛੰਨੀਆ ਦੇ ਖੇਤਾਂ ਵਿੱਚੋਂ ਮਿਲੇ ਇੱਕ ਸ਼ੱਕੀ ਪੈਕਟ ਦੀ ਜਾਂਚ ਕਰਨ ‘ਤੇ 30 ਬੋਰ ਦੇ 2 ਪਿਸਟਲ ਮੈਗਜ਼ੀਨਾਂ ਸਮੇਤ, 59 ਜਿੰਦਾ ਰੌਂਦ ਅਤੇ 4 ਹੈਂਡ ਗ੍ਰਨੇਡ ਬਰਾਮਦ ਹੋਏ।
ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਇਸ ਵੱਡੀ ਬਰਾਮਦਗੀ ਨੂੰ ਸਰਹੱਦੀ ਖੇਤਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਅਹਿਮ ਸਫਲਤਾ ਮੰਨਿਆ ਜਾ ਰਿਹਾ ਹੈ। ਇਹ ਸਾਂਝੀ ਕਾਰਵਾਈ ਥਾਣਾ ਸਦਰ ਗੁਰਦਾਸਪੁਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਕੀਤੀ ਗਈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਇਹ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਪਿੰਡ ਹਰਦੋਛੰਨੀਆ ਦੇ ਖੇਤਾਂ ਵਿੱਚੋਂ ਡਰੋਨ ਰਾਹੀਂ ਸੁੱਟਿਆ ਗਿਆ ਸ਼ੱਕੀ ਪੈਕਟ ਬਰਾਮਦ ਹੋਇਆ।
ਬਰਾਮਦਗੀ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮੁਕੱਦਮਾ ਨੰਬਰ 240, ਮਿਤੀ 28 ਨਵੰਬਰ 2026 ਦਰਜ ਕੀਤਾ ਗਿਆ ਹੈ। ਇਸ ਵਿੱਚ ਆਰਮਜ਼ ਐਕਟ ਦੀ ਧਾਰਾ 25, ਐਕਸਪਲੋਸਿਵ ਸਬਸਟੈਂਸਿਜ਼ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11, 11-ਏ ਅਤੇ 12 ਸ਼ਾਮਲ ਕੀਤੀਆਂ ਗਈਆਂ ਹਨ।

ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਤੁਸ਼ਾਰ ਗੁਪਤਾ, ਆਈਪੀਐੱਸ ਨੇ ਕਿਹਾ ਕਿ ਇਹ ਬਰਾਮਦਗੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਨੈੱਟਵਰਕ ਵਿਰੁੱਧ ਪੁਲਿਸ ਦੀ ਕਾਰਵਾਈ ਵਿੱਚ ਇੱਕ ਵੱਡੀ ਸਫਲਤਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਅਪਰਾਧ, ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਪੁਲਿਸ ਦੀ ਮੁੱਖ ਤਰਜੀਹ ਹੈ। ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗੁਰਦਾਸਪੁਰ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਰਾਹੀਂ ਹਥਿਆਰਾਂ ਦੀ ਇਹ ਖੇਪ ਕਿੱਥੋਂ ਭੇਜੀ ਗਈ ਸੀ ਅਤੇ ਇਸ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ।