Close

Recent Posts

ਪੰਜਾਬ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ
  • PublishedNovember 13, 2025

ਲਗਾਤਾਰ ਤੀਜੇ ਦਿਨ 6 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ

ਚੰਡੀਗੜ੍ਹ, 13 ਨਵੰਬਰ 2025 (ਦੀ ਪੰਜਾਬ ਵਾਇਰ)–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਰਾਹਤ ਵੰਡ ਪ੍ਰਕਿਰਿਆ ਦੇ ਤੀਜੇ ਪੜਾਅ ਦੇ ਲਗਾਤਾਰ ਤੀਜੇ ਦਿਨ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਆਪਣੀ ਵਿਆਪਕ ਪਹੁੰਚ ਨੂੰ ਜਾਰੀ ਰੱਖਦਿਆਂ ਸੂਬੇ ਭਰ ਦੇ ਹੜ੍ਹ  ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਬੰਡਾਲਾ ਵਿਖੇ 732 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 4.85 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

ਆਪ’ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਭੁਲੱਥ ਹਲਕੇ (ਕਪੂਰਥਲਾ) ਅਧੀਨ ਪੈਂਦੇ ਪਿੰਡ ਸੰਗੋਜਲਾ ਅਤੇ ਨਬੀ ਬਖਸ਼ ਵਾਲਾ ਦੇ ਪ੍ਰਭਾਵਿਤ ਪਰਿਵਾਰਾਂ ਨੂੰ 7.20 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ। 

ਦੱਸਣਯੋਗ ਹੈ ਕਿ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। ਸੂਬਾ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

Written By
The Punjab Wire