ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ- ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਕਿਹਾ-ਪੰਜਾਬ ਸਰਕਾਰ ਦੀ ਅਗਵਾਈ ਹੇਠ ਜਿਲਾ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ
ਗੁਰਦਾਸਪੁਰ,19 ਦਸੰਬਰ 2025 (ਮੰਨਨ ਸੈਣੀ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਹਿਲੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਮੀਟਿੰਗ ਦੌਰਾਨ ਹਰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿੱਤ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਗਈ।
ਮੀਟਿੰਗ ਦੌਰਾਨ ਚੇਅਰਮੈਨ ਜੋਬਨ ਰੰਧਾਵਾ ਨੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਅਧਿਕਾਰੀਆਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਅੰਦਰ ਲੋਕ ਹਿੱਤ ਲਈ ਵੱਡੇ ਫੈਸਲੇ ਲਏ ਗਏ ਹਨ ਅਤੇ ਹਰੇਕ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਨਾ ਵਰਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਗੁਰਦਾਸਪੁਰ ਦੀ ਸਮੁੱਚੀ ਤਰੱਕੀ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ, ਗਰਾਊਂਡ ਲੈਵਲ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨਿਯਮਿਤ ਸਮੇਂ ਅੰਦਰ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤਣ। ਇਸ ਮੌਕੇ ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਜਯੋਤਸਨਾ ਸਿੰਘ, ਐੱਸ.ਡੀ.ਐੱਮ, ਕਲਾਨੌਰ ਅਤੇ ਦੀਨਾਨਗਰ, ਆਰ.ਟੀ.ਓ ਨਵਜੋਤ ਸ਼ਰਮਾ, ਐੱਸ ਈ ਬਲਦੇਵ ਸਿੰਘ ਬਾਜਵਾ, ਪਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।