ਗੁਰਦਾਸਪੁਰ ਪੰਜਾਬ

ਡੀਸੀ ਦਫ਼ਤਰ ਗੁਰਦਾਸਪੁਰ ਨੂੰ ਮਿਲੀ ਧਮਕੀ ਭਰੀ ਮੇਲ, ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਦਫ਼ਤਰ ਦੀ ਪੂਰੀ ਤਲਾਸ਼ੀ

ਡੀਸੀ ਦਫ਼ਤਰ ਗੁਰਦਾਸਪੁਰ ਨੂੰ ਮਿਲੀ ਧਮਕੀ ਭਰੀ ਮੇਲ, ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਦਫ਼ਤਰ ਦੀ ਪੂਰੀ ਤਲਾਸ਼ੀ
  • PublishedJanuary 16, 2026

ਗੁਰਦਾਸਪੁਰ, 16 ਜਨਵਰੀ 2026 (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਨੂੰ ਸ਼ੁਕਰਵਾਰ ਨੂੰ ਇਕ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਡੀਸੀ ਦਫ਼ਤਰ ਦੇ ਸਮੂਹ ਪਰਿਸਰ ਦੀ ਬਰੀਕੀ ਨਾਲ ਜਾਂਚ ਕੀਤੀ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ, ਜਿਵੇਂ ਹੀ ਧਮਕੀ ਸੰਬੰਧੀ ਮੇਲ ਦੀ ਸੂਚਨਾ ਮਿਲੀ ਜਿਸ ਵਿੱਚ ਤਿੰਨ ਬੰਬ ਰੱਖੇ ਜਾਣ ਦੀ ਗੱਲ ਆਈ। ਡੀਸੀ ਦਫ਼ਤਰ ਅੰਦਰ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡੀਸੀ ਦਫ਼ਤਰ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕਰਵਾਇਆ ਗਿਆ। ਉਸ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਬੰਬ ਡਿਸਪੋਜ਼ਲ ਸਕਵਾਡ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਦਫ਼ਤਰ ਦੇ ਹਰ ਹਿੱਸੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਦਫ਼ਤਰ ਵਿੱਚ ਮੌਜੂਦ ਕਰਮਚਾਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਗਈ।

ਪੁਲਿਸ ਅਧਿਕਾਰੀਆਂ ਅਨੁਸਾਰ, ਤਲਾਸ਼ੀ ਦੌਰਾਨ ਕਿਸੇ ਵੀ ਕਿਸਮ ਦੀ ਸ਼ੱਕੀ ਵਸਤੂ ਨਹੀਂ ਮਿਲੀ। ਹਾਲਾਂਕਿ, ਸਾਵਧਾਨੀ ਵਜੋਂ ਦਫ਼ਤਰ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਧਮਕੀ ਭਰੀ ਮੇਲ ਕਿਸ ਵੱਲੋਂ ਅਤੇ ਕਿਸ ਮਕਸਦ ਨਾਲ ਭੇਜੀ ਗਈ, ਇਸ ਦੀ ਜਾਂਚ ਲਈ ਸਾਇਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸੱਚਾਈ ਸਾਹਮਣੇ ਲਿਆਈ ਜਾਵੇਗੀ।

Written By
The Punjab Wire