Close

Recent Posts

ਪੰਜਾਬ

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ
  • PublishedJanuary 26, 2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਵੱਖ-ਵੱਖ ਥਾਈਂ ਜ਼ਿਲਾ ਪੱਧਰ ਦੇ ਸਮਾਗਮਾਂ ਵਿੱਚ ਲਹਿਰਾਇਆ ਕੌਮੀ ਝੰਡਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਕਰਵਾਇਆ ਜਾਣੂੰ

ਚੰਡੀਗੜ੍ਹ, 26 ਜਨਵਰੀ 2026 (ਦੀ ਪੰਜਾਬ ਵਾਇਰ)– ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ ਤੋਂ ਸਲਾਮੀ ਲਈ।

ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ ‘ਤੇ ਚਲਦਿਆਂ ਲਗਾਤਾਰ ਲੋਕ ਭਲਾਈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਰਹੇ ਹਾਂ।

ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਰਾਜ ਹੈ ਜੋ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਮੁਹੱਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਮੁਫਤ ਬਿਜਲੀ, ਮਹਿਲਾਵਾਂ ਲਈ ਮੁਫਤ ਬੱਸ ਸੇਵਾ, ਯੁੱਧ ਨਸ਼ਿਆਂ ਵਿਰੁੱਧ, ਗੈਂਗਸਟਰਾਂ ‘ਤੇ ਵਾਰ ਆਦਿ ਦਾ ਆਪਣੇ ਭਾਸ਼ਣਾਂ ਵਿੱਚ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ।

ਗਣਤੰਤਰ ਦਿਵਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਵਿਖੇ ਝੰਡਾ ਲਹਿਰਾਇਆ ਜਦਕਿ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਝੰਡਾ ਲਹਿਰਾਇਆ।

ਕੈਬਨਿਟ ਮੰਤਰੀਆਂ ਵਿੱਚੋਂ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਨੇ ਬਠਿੰਡਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪਠਾਨਕੋਟ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਫਰੀਦਕੋਟ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਵਿਖੇ ਕੌਮੀ ਝੰਡਾ ਲਹਿਰਾਇਆ।

 ਇਸੇ ਤਰ੍ਹਾਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੰਮ੍ਰਿਤਸਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਾਲੇਰਕੋਟਲਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ, ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੁਧਿਆਣਾ ਵਿਖੇ ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ।

ਇਸੇ ਤਰ੍ਹਾਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਲੰਧਰ, ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ, ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਮਾਨਸਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤਰਨ ਤਾਰਨ ਵਿਖੇ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਇਆ।

Written By
The Punjab Wire