Close

Recent Posts

ਪੰਜਾਬ

ਮਾਨ ਸਰਕਾਰ ਦਾ ‘ਗੈਂਗਸਟਰਾਂ ਤੇ ਵਾਰ’ ਲਗਾਤਾਰ ਜਾਰੀ: 3,520 ਗ੍ਰਿਫ਼ਤਾਰ,1599 ਹਿਰਾਸਤ ਵਿੱਚ

ਮਾਨ ਸਰਕਾਰ ਦਾ ‘ਗੈਂਗਸਟਰਾਂ ਤੇ ਵਾਰ’ ਲਗਾਤਾਰ ਜਾਰੀ: 3,520 ਗ੍ਰਿਫ਼ਤਾਰ,1599 ਹਿਰਾਸਤ ਵਿੱਚ
  • PublishedJanuary 30, 2026

ਬਲਤੇਜ ਪੰਨੂ ਨੇ ਅਕਾਲੀ ਦਲ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਦੀ ਗੈਂਗਸਟਰ ਪਰਿਵਾਰਾਂ ਨਾਲ ਖੁੱਲ੍ਹ ਕੇ ਸਾਂਝ ਪਾਉਣ ਲਈ ਨਿੰਦਾ ਕੀਤੀ

ਬਲਤੇਜ ਪੰਨੂ ਨੇ ਪੰਜਾਬ ਨੂੰ ਅਸ਼ਾਂਤ ਕਰਨ ਵਾਲਿਆਂ ਨੂੰ ਸੁਰੱਖਿਆ ਦੇਣ ਦੇ ਅਕਾਲੀ ਦਲ ਬਾਦਲ ਦੇ ਇਤਿਹਾਸ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਬਾਦਲ ਦੇ ਆਗੂ ਅੰਮ੍ਰਿਤਪਾਲ ਬਾਠ ਦੇ ਪਰਿਵਾਰਕ ਵਿਆਹ ਵਿੱਚ ਹੋਏ ਸ਼ਾਮਲ, ਤਸਵੀਰਾਂ ਨੇ ਖੜ੍ਹੇ ਕੀਤੇ ਗੰਭੀਰ ਸਵਾਲ

ਪੰਨੂ ਨੇ ਬਾਠ ਪਰਿਵਾਰ ਦੇ ਵਿਆਹ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਦੀ ਮੌਜੂਦਗੀ ‘ਤੇ ਚੁੱਕੇ ਸਵਾਲ, ਸਪੱਸ਼ਟੀਕਰਨ ਦੀ ਕੀਤੀ ਮੰਗ

ਚੰਡੀਗੜ੍ਹ, 30 ਜਨਵਰੀ 2026 (ਦੀ ਪੰਜਾਬ ਵਾਇਰ)– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਨਿਰੰਤਰ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਦੇ ਸਪੱਸ਼ਟ ਨਤੀਜੇ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਹੇ ਹਨ।

ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਜਾਣਕਾਰੀ ਦਿੱਤੀ ਕਿ ਸੂਬੇ ਭਰ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਹੁਣ ਤੱਕ 3,520 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, 1,599 ਨੂੰ ਅਹਿਤਿਆਤ ਵਜੋਂ ਨਜ਼ਰਬੰਦ ਕੀਤਾ ਗਿਆ ਹੈ ਅਤੇ 104 ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ ਅਤੇ ਇਹ ਬਿਨਾਂ ਰੁਕੇ ਜਾਰੀ ਰਹੇਗੀ। ਗੈਂਗਸਟਰਾਂ ਨੂੰ ਪਨਾਹ ਦੇਣ ਜਾਂ ਉਨ੍ਹਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਨੂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੰਗਠਿਤ ਅਪਰਾਧਾਂ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ, ਉੱਥੇ ਅਕਾਲੀ ਦਲ ਬਾਦਲ ਦੇ ਆਗੂ ਗੈਂਗਸਟਰ ਪਰਿਵਾਰਾਂ ਨਾਲ ਖੁੱਲ੍ਹੇਆਮ ਮਿਲ ਕੇ ਇਸ ਤੋਂ ਉਲਟ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦਾ ਇਤਿਹਾਸ ਅਜਿਹੀਆਂ ਘਟਨਾਵਾਂ ਨਾਲ ਭਰਿਆ ਪਿਆ ਹੈ ਜਿੱਥੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸੁਰੱਖਿਆ ਅਤੇ ਹੱਲਾਸ਼ੇਰੀ ਦਿੱਤੀ ਗਈ। 1978, 1984, 1989, 1996 ਅਤੇ 2015 ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਪੰਨੂ ਨੇ ਕਿਹਾ ਕਿ ਉਹੀ ਪੁਰਾਣਾ ਸਿਲਸਿਲਾ ਦੁਹਰਾਇਆ ਜਾ ਰਿਹਾ ਹੈ, ਜਿੱਥੇ ਗਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਬਜਾਏ ਇਨਾਮ ਦਿੱਤੇ ਗਏ।

ਹਾਲ ਹੀ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਨੂ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਸਨ, ਹੁਣ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਕਿਹਾ, “ਇਹ ਪੂਰੀ ਤਰ੍ਹਾਂ ਪਾਖੰਡ ਹੈ। ਜਿਨ੍ਹਾਂ ਆਗੂਆਂ ਨੇ ਗੈਂਗਸਟਰ ਕਲਚਰ ਨੂੰ ਫਲਣ-ਫੁੱਲਣ ਦਿੱਤਾ, ਉਹ ਹੁਣ ਇਸ ਵਿਰੁੱਧ ਲੜਨ ਦਾ ਦਿਖਾਵਾ ਨਹੀਂ ਕਰ ਸਕਦੇ।

ਪੰਨੂ ਨੇ ਪੰਜਾਬ ਵਿੱਚ ਗੈਂਗਸਟਰਵਾਦ ਦੇ ਉਭਾਰ ਵਾਲੀਆਂ ਪ੍ਰਮੁੱਖ ਘਟਨਾਵਾਂ ਨੂੰ ਯਾਦ ਕੀਤਾ, ਜਿਸ ਵਿੱਚ ਅੰਮ੍ਰਿਤਸਰ ਵਿੱਚ ਇੱਕ ਪੁਲਿਸ ਅਧਿਕਾਰੀ ਦਾ ਆਪਣੀ ਧੀ ਨੂੰ ਬਚਾਉਣ ਦੌਰਾਨ ਸ਼ਰੇਆਮ ਕਤਲ, ਪੁਲਿਸ ਮੁਲਾਜ਼ਮਾਂ ‘ਤੇ ਹਮਲੇ, ਅਗਵਾ ਅਤੇ ਨਾਭਾ ਜੇਲ੍ਹ ਬਰੇਕ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਪਿਛਲੀਆਂ ਸਰਕਾਰਾਂ ਦੌਰਾਨ ਗੈਂਗਸਟਰਾਂ ਅਤੇ ਸਿਆਸੀ ਸਰਪ੍ਰਸਤੀ ਵਿਚਾਲੇ ਡੂੰਘੇ ਗਠਜੋੜ ਨੂੰ ਬੇਨਕਾਬ ਕਰਦੀਆਂ ਹਨ।

ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਬਾਦਲ ਨੇ ਝੂਠਾ ਬਿਰਤਾਂਤ ਪੇਸ਼ ਕਰਕੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਦਕਿ ਅਸਲ ਵਿੱਚ ਪਾਰਟੀ ਉਮੀਦਵਾਰ ਦੇ ਸਬੰਧ ਸਿੱਧੇ ਤੌਰ ‘ਤੇ ਇੱਕ ਗੈਂਗਸਟਰ ਪਰਿਵਾਰ ਨਾਲ ਸਨ। ਪੰਨੂ ਨੇ ਕਿਹਾ ਕਿ ਹੁਣ ਸੱਚਾਈ ਇੱਕ ਗੈਂਗਸਟਰ ਦੇ ਪਰਿਵਾਰਕ ਮੈਂਬਰ ਦੇ ਹਾਲ ਹੀ ਵਿੱਚ ਹੋਏ ਵਿਆਹ ਦੀਆਂ ਤਸਵੀਰਾਂ ਰਾਹੀਂ ਸਾਹਮਣੇ ਆ ਗਈ ਹੈ, ਜੋ ਕਿ ਖੁਦ ਸ਼ਾਮਲ ਹੋਣ ਵਾਲਿਆਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ।

ਪੰਨੂ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਦਿਖਾਈਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਬਾਦਲ ਦੀਆਂ ਨੀਅਤਾਂ ਅਤੇ ਤਰਜੀਹਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਭੂਮਿਕਾ ‘ਤੇ ਸਵਾਲ ਚੁੱਕਦਿਆਂ ਪੰਨੂ ਨੇ ਪੁੱਛਿਆ ਕਿ ਕੀ ਉਹ ਇੱਕ ਧਾਰਮਿਕ ਸੰਸਥਾ ਦੇ ਮੁਖੀ ਵਜੋਂ ਸਮਾਗਮ ਵਿੱਚ ਗਏ ਸਨ ਜਾਂ ਬਾਦਲ ਪਰਿਵਾਰ ਦੇ ਵਫ਼ਾਦਾਰ ਵਜੋਂ? ਪੰਨੂ ਨੇ ਕਿਹਾ ਕਿ ਜੇਕਰ ਉਹ ਬਾਦਲ ਸਮਰਥਕ ਵਜੋਂ ਗਏ ਸਨ, ਤਾਂ ਲੋਕ ਸਮਝ ਜਾਣਗੇ। ਪਰ ਜੇਕਰ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਗਏ ਸਨ, ਤਾਂ ਇਹ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਅਪਰਾਧ ਅਤੇ ਫਿਰੌਤੀ ਨਾਲ ਜੁੜੇ ਵਿਅਕਤੀਆਂ ਤੋਂ ਨੈਤਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।

ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਕਾਲੀ ਦਲ ਬਾਦਲ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਯਾਦ ਰੱਖਣਾ ਚਾਹੀਦਾ ਹੈ ਜਦੋਂ ਵੀ ਸੂਬੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਸਪੱਸ਼ਟ ਕਰਨ ਕਿ ਕੀ ਉਹ ਹੁਣ ਗੈਂਗਸਟਰਾਂ ਦੇ ਸਹਾਰੇ ਰਾਜਨੀਤੀ ਵਿੱਚ ਦੁਬਾਰਾ ਦਾਖਲ ਹੋਣਾ ਚਾਹੁੰਦੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕਤੰਤਰੀ ਤਰੀਕੇ ਨਾਲ ਵਾਰ-ਵਾਰ ਨਕਾਰ ਦਿੱਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ ‘ਤੇ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਕਿਸੇ ਵੀ ਸਿਆਸੀ ਦਬਾਅ ਜਾਂ ਗੈਂਗਸਟਰਾਂ ਦੀ ਹਮਾਇਤ ਨੂੰ ਪੰਜਾਬ ਨੂੰ ਦੁਬਾਰਾ ਅਸਥਿਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Written By
The Punjab Wire