ਪੰਜਾਬ ਸਰਕਾਰ ਨੇ ਉੱਦਮੀ ਮਹਿਲਾਵਾਂ ਨੂੰ ਅੱਗੇ ਵਧਣ ਲਈ ਸ਼ਾਨਦਾਰ ਪਲੇਟਫ਼ਾਰਮ ਮੁਹੱਈਆ ਕਰਵਾਇਆ: ਰਮਨ ਬਹਿਲ
ਗੁਰਦਾਸਪੁਰ, 19 ਮਾਰਚ 2026 (ਮੰਨਣ ਸੈਣੀ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ (PSRLM), ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਸਫ਼ਲ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਨੇ ਆਪਣੇ ਹਲਕੇ ਦੇ ਪਿੰਡ ਬੱਬੇਹਾਲੀ ਦੀ ਉੱਦਮੀ ਮਹਿਲਾ ਸੰਦੀਪ ਕੌਰ (ਪਤਨੀ ਮੋਨਾਵਰ ਮਸੀਹ) ਨੂੰ ਇਸ ਮਾਣਯੋਗ ਸਨਮਾਨ ਲਈ ਵਧਾਈ ਦਿੱਤੀ।
ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੰਦੀਪ ਕੌਰ ਨੂੰ 25,000 ਰੁਪਏ ਦੀ ਨਕਦ ਰਾਸ਼ੀ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ, ਜੋ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਵਰਗੀਆਂ ਯੋਜਨਾਵਾਂ ਸਦਕਾ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦਾ ਮੌਕਾ ਮਿਲ ਰਿਹਾ ਹੈ।
ਉੱਦਮੀ ਮਹਿਲਾ ਸੰਦੀਪ ਕੌਰ ਨੇ ਦੱਸਿਆ ਕਿ ਉਹ ਸਾਲ 2008 ਤੋਂ ਹੱਥਾਂ ਨਾਲ ਤਿਆਰ ਕੀਤੇ ਆਰਟੀਫ਼ੀਸ਼ਲ ਗਹਿਣਿਆਂ ਦਾ ਕਾਰੋਬਾਰ ਕਰ ਰਹੀ ਹੈ ਅਤੇ ਆਪਣੀ ਮਿਹਨਤ ਸਦਕਾ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੇਲੇ ਕਦੇ ਅਜਿਹਾ ਮਾਣ ਨਹੀਂ ਮਿਲਿਆ ਸੀ, ਪਰ ਮੌਜੂਦਾ ਸਰਕਾਰ ਵੱਲੋਂ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਸੰਦੀਪ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਦਾ ਦਿਲੋਂ ਧੰਨਵਾਦ ਕੀਤਾ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅਜਿਹੀਆਂ ਮਿਹਨਤੀ ਅਤੇ ਹੁਨਰਮੰਦ ਮਹਿਲਾਵਾਂ ਹੀ ਸਮਾਜ ਦੀ ਅਸਲ ਤਾਕਤ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਂਦੀ ਰਹੇਗੀ।