ਗੁਰਦਾਸਪੁਰ

ਕਾਦੀਆਂ ਵਿਖੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਕਾਦੀਆਂ ਵਿਖੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
  • PublishedMarch 26, 2026

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਚੇਅਰਮੈਨ ਸਿਮਰਜੀਤ ਸਿੰਘ ਨੇ ਕੀਤੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ

ਕਾਦੀਆਂ/ਗੁਰਦਾਸਪੁਰ, 26 ਮਾਰਚ (ਮੰਨਨ ਸੈਣੀ)– ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਦੀਆਂ ਹਦਾਇਤਾਂ ਤਹਿਤ ਕਾਦੀਆ ਮੇਨ ਬਾਜ਼ਾਰ ਵਿਖੇ ਸਮੂਹ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਹਲਕਾ ਇੰਚਾਰਜ ਕਾਦੀਆਂ, ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਸ ਕਮਿਸ਼ਨ ਗੁਰਦਾਸਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਪਾਰੀ, ਦੁਕਾਨਦਾਰ ਅਤੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਭਰੋਸਾ ਦਿਵਾਇਆ ਕਿ ਵਪਾਰ ਕਮਿਸ਼ਨ ਹਰ ਹਾਲਾਤ ਵਿੱਚ ਵਪਾਰੀ ਵਰਗ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨੇ ਦੱਸਿਆ ਕਿ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਸਮੇਂ ਸਿਰ ਹੱਲ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਮਿਸ਼ਨ, ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬੱਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰ ਰਿਹਾ ਹੈ।

ਇਸ ਤੋਂ ਪਹਿਲਾਂ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹੱਲ ਕਰਨ ਦਾ ਯਕੀਨ ਦਿਵਾਇਆ।

Written By
The Punjab Wire