‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਦਹਾਕਿਆਂ ਤੋਂ ਬੇਦਸਤਾਵੇਜ਼ੀ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਮਿਲੀ ਕਾਨੂੰਨੀ ਮਾਨਤਾ
ਗੁਰਦਾਸਪੁਰ, 3 ਅਪ੍ਰੈਲ 2026 (ਮੰਨਨ ਸੈਣੀ)। ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਵੀਰਵਾਰ ਨੂੰ ਪਿੰਡ ਮੀਰਪੁਰ ਵਿਖੇ 117 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਦਸਤਾਵੇਜ਼ ਸੌਂਪੇ ਗਏ। ਇਹ ਉਹ ਪਰਿਵਾਰ ਹਨ ਜੋ ਕਈ ਦਹਾਕਿਆਂ ਤੋਂ ਆਪਣੇ ਹੀ ਘਰਾਂ ਵਿੱਚ ਬਿਨਾਂ ਕਿਸੇ ਕਾਨੂੰਨੀ ਹੱਕ ਦੇ ਰਹਿ ਰਹੇ ਸਨ।
ਇਸ ਸਮਾਗਮ ਵਿੱਚ ਬਲਾਕ ਸੰਮਤੀ ਗੁਰਦਾਸਪੁਰ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ, ਸਰਪੰਚ ਮੁਨੀਸ਼ਵਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦਾ ਹੱਕ ਉਨ੍ਹਾਂ ਦੀ ਦਹਿਲੀਜ਼ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਪਰਿਵਾਰਾਂ ਦੇ ਹੱਥਾਂ ਵਿੱਚ ਆਪਣੀ ਜਾਇਦਾਦ ਦੇ ਕਾਗਜ਼ ਆਉਂਦੇ ਦੇਖ ਮਨ ਨੂੰ ਡੂੰਘੀ ਖੁਸ਼ੀ ਅਤੇ ਸਕੂਨ ਮਿਲਿਆ ਹੈ।
ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ‘ਮੇਰਾ ਘਰ, ਮੇਰੇ ਨਾਮ’ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਹੁਣ ਕਾਨੂੰਨੀ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕਾਰਵਾਈਆਂ ਵਿੱਚ ਕੋਈ ਅੜਿੱਕਾ ਨਹੀਂ ਆਵੇਗਾ।
ਰਮਨ ਬਹਿਲ ਨੇ ਮਾਨ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ 1,000 ਰੁਪਏ ਮਹੀਨਾਵਾਰ ਦੇਣ ਦਾ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਕਰ ਦਿੱਤਾ ਗਿਆ ਹੈ ਅਤੇ ਅਪ੍ਰੈਲ ਤੋਂ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਪੈਨਸ਼ਨ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ ਅਤੇ 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਹੱਈਆ ਕਰਵਾਏ ਜਾ ਰਹੇ ਹਨ।