ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ
ਵਿਧਾਇਕ ਪਾਹੜਾ ਵੱਲੋਂ ਕੀਤਾ ਗਿਆ ਸਵਾਗਤ
ਗੁਰਦਾਸਪੁਰ, 5 ਅਪ੍ਰੈਲ 2026 (ਮੰਨਨ ਸੈਣੀ)– ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਗਿਆਨ ਸਿੰਘ ਸਮੇਤ ਅਨੇਕ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸਵਾਗਤ ਕੀਤਾ।
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਸਾਬਕਾ ਬਲਾਕ ਸੰਮਤੀ ਮੈਂਬਰ ਗਿਆਨ ਸਿੰਘ ਸਮੇਤ ਹੀਰਾ ਸਿੰਘ, ਬਲਵਿੰਦਰ ਸਿੰਘ, ਜੱਸਾ ਸਿੰਘ, ਹਰਭੇਜ ਸਿੰਘ, ਹੀਰਾ ਸਿੰਘ, ਮਨਪ੍ਰੀਤ ਸਿੰਘ, ਮੰਗਲ ਸਿੰਘ ਆਦਿ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਧਿਰਾਂ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਦਾ ਦਾਮਨ ਥਾਮ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਾਰਕੁੰਨਾਂ ਦਾ ਪੂਰਾ ਸਨਮਾਨ ਕੀਤਾ ਜਾਂਦਾ ਹੈ।
ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਵਿਰੋਧੀ ਧਿਰਾਂ ਦੇ ਖੋਖਲੇ ਵਾਅਦਿਆਂ ਅਤੇ ਬੇਰੁਜ਼ਗਾਰੀ, ਮਹਿੰਗਾਈ ਵਰਗੇ ਮੁੱਦਿਆਂ ‘ਤੇ ਉਨ੍ਹਾਂ ਦੀ ਅਣਦੇਖੀ ਤੋਂ ਲੋਕ ਤੰਗ ਆ ਚੁੱਕੇ ਹਨ। ਪੰਜਾਬ ਦੀ ਜਨਤਾ ਹੁਣ ਫਿਰ ਤੋਂ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੀ ਹੈ, ਕਿਉਂਕਿ ਪੰਜਾਬ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਰਹਿ ਸਕਦਾ ਹੈ। ਉਹ ਲੋਕਾਂ ਦੇ ਸਹਿਯੋਗ ਨਾਲ ਹੀ ਸੱਤਾ ਵਿੱਚ ਪਾਰਟੀ ਨਾ ਹੋਣ ਦੇ ਬਾਵਜੂਦ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਪੰਜ ਸਾਲ ਕੜੀ ਮਿਹਨਤ ਕਰਕੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ। ਇਸ ਤੋਂ ਬਾਅਦ ਸਾਲ 2022 ਵਿੱਚ ਫਿਰ ਤੋਂ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ। ਵਿਧਾਇਕ ਪਾਹੜਾ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਸਾਰੇ ਨਵੇਂ ਕਾਰਕੁੰਨਾਂ ਨੂੰ ਨਾਲ ਲੈ ਕੇ ਚੱਲੇਗੀ ਅਤੇ ਹਰ ਸੰਭਵ ਸਹਿਯੋਗ ਦੇਵੇਗੀ।
ਸਾਬਕਾ ਬਲਾਕ ਸੰਮਤੀ ਮੈਂਬਰ ਗਿਆਨ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਨਾਲ ਆਏ ਹੋਰ ਪਰਿਵਾਰ ਵਿਰੋਧੀ ਧਿਰਾਂ ਦੇ ਕੰਮਕਾਜ ਤੋਂ ਸੰਤੁਸ਼ਟ ਨਹੀਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਜੋ ਕੰਮ ਕੀਤੇ ਹਨ, ਉਹ ਅੱਜ ਵੀ ਲੋਕ ਯਾਦ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ।