Close

Recent Posts

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ
  • PublishedApril 16, 2026

ਚੰਡੀਗੜ੍ਹ, 16 ਅਪ੍ਰੈਲ, 2026 (ਦੀ ਪੰਜਾਬ ਵਾਇਰ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮੋਹਿਤ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ 10ਵੀਂ ਜਮਾਤ ਪਾਸ ਕੀਤੀ ਸੀ ਅਤੇ ਉਸਨੂੰ ਅਜੇ ਤੱਕ 10ਵੀਂ ਜਮਾਤ ਪਾਸਿੰਗ ਸਰਟੀਫਿਕੇਟ ਨਹੀਂ ਮਿਲਿਆ ਸੀ। ਉਸਨੇ ਡੁਪਲੀਕੇਟ ਸਰਟੀਫਿਕੇਟ ਲਈ ਵੀ ਔਨਲਾਈਨ ਅਰਜ਼ੀ ਦਿੱਤੀ ਸੀ ਪਰ ਉਸਨੂੰ ਉਹ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਉਸਨੇ ਆਪਣਾ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਆਪਣੇ ਸਕੂਲ ਦੇ ਪ੍ਰਿੰਸੀਪਲ ਕੋਲ ਪਹੁੰਚ ਕੀਤੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪ੍ਰਿੰਸੀਪਲ ਨੇ ਉਸ ਤੋਂ 15800 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 10,000 ਰੁਪਏ ਰਿਸ਼ਵਤ ਲੈ ਵੀ ਲਈ। ਦੱਸਣਯੋਗ ਹੈ ਕਿ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਰਕਾਰੀ ਫੀਸ 900 ਰੁਪਏ ਅਤੇ ਤਤਕਾਲ ਸਰਕਾਰੀ ਫੀਸ 2000 ਰੁਪਏ ਹੈ।

ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire