ਕੇਂਦਰ ਦੀ ਭਾਜਪਾ ਸਰਕਾਰ ਨੇ ਡੀਏ ਕੀਤਾ 60 ਫੀਸਦੀ, ਪੰਜਾਬ ਨਹੀਂ ਵਧ ਰਿਹਾ 42 ਫੀਸਦੀ ਤੋਂ ਅੱਗੇ-ਸੁਨੀਲ ਜਾਖੜ
ਆਪ ਸਰਕਾਰ ਤੁਰੰਤ ਡੀਏ ਵਾਧਾ ਕਰੇ ਅਤੇ ਬਕਾਏ ਦੇ 15 ਹਜਾਰ ਕਰੋੜ ਕਰਮਚਾਰੀਆਂ ਨੂੰ ਕਰੇ ਜਾਰੀ
ਚੰਡੀਗੜ੍ਹ, 18 ਅਪ੍ਰੈਲ 2026 (ਦੀ ਪੰਜਾਬ ਵਾਇਰ)– ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ 2 ਫੀਸਦੀ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਪੰਜਾਬ ਦੀ ਆਪ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਲੱਖਾਂ ਮੁਲਾਜਮਾਂ ਦੇ ਮਹਿੰਗਾਈ ਭੱਤੇ ਵਿਚ ਤੁਰੰਤ ਵਾਧਾ ਕਰੇ ਅਤੇ ਮਹਿੰਗਾਈ ਭੱਤੇ ਦੇ ਬਕਾਏ ਵੀ ਜਾਰੀ ਕੀਤੇ ਜਾਣ।
ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਸੁਨੇਹੇ ਵਿਚ ਭਾਜਪਾ ਸੂਬਾ ਪ੍ਰਧਾਨ ਨੇ ਲਿਖਿਆ ਹੈ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਕੇਂਦਰ ਸਰਕਾਰ ਤੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਵਿੱਚ 2 ਫੀਸਦੀ ਦਾ ਵਾਧਾ ਕੀਤਾ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹੁਣ ਆਪਣੇ ਮੁਲਾਜ਼ਮਾਂ ਨੂੰ ਨਵੇਂ ਵਾਧੇ ਤੋਂ ਬਾਅਦ 60 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾਵੇਗਾ, ਜਦ ਕਿ ਪੰਜਾਬ ਦੀ ਆਪ ਪਾਰਟੀ ਦੀ ਸਰਕਾਰ ਰਾਜ ਦੇ ਕਰਮਚਾਰੀਆਂ ਨੂੰ ਸਿਰਫ 42 ਫੀਸਦੀ ਦੀ ਦਰ ਨਾਲ ਹੀ ਮਹਿੰਗਾਈ ਭੱਤਾ ਦੇ ਰਹੀ ਹੈ ਅਤੇ ਰਾਜ ਵਿੱਚ ਡੀਏ ਦੀਆਂ ਕਈ ਕਿਸ਼ਤਾਂ ਬਕਾਇਆ ਹਨ।
ਜਿਵੇਂ ਕਿ ਮਾਨਯੋਗ ਹਾਈਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਮਹਿੰਗਾਈ ਭੱਤਾ ਮੁਲਾਜ਼ਮਾ ਦਾ ਹੱਕ ਹੈ ਤਾਂ ਸਰਕਾਰ ਨੂੰ ਤੁਰੰਤ ਮਹਿੰਗਾਈ ਭੱਤੇ ਦੀ ਦਰ ਵਿੱਚ ਵਾਧਾ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਮਹਿੰਗਾਈ ਭੱਤੇ ਦੇਣ ਵਿੱਚ ਕੀਤੀ ਦੇਰੀ ਕਾਰਨ ਹੋਏ ਬਕਾਏ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਦੇ 15000 ਕਰੋੜ ਰੁਪਏ ਤੁਰੰਤ ਆਪਣੇ ਮੁਲਾਜ਼ਮਾਂ ਨੂੰ ਜਾਰੀ ਕਰਨੇ ਚਾਹੀਦੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸਰਕਾਰ ਦਾ ਅਹਿਮ ਅੰਗ ਹੁੰਦੇ ਹਨ ਅਤੇ ਉਨ੍ਹਾਂ ਨੇ ਹੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਲੈਕੇ ਜਾਣਾ ਹੁੰਦਾ ਹੈ। ਉਨ੍ਹਾਂ ਨੂੰ ਜੇਕਰ ਪੂਰੀ ਤਨਖਾਹ ਮਿਲਦੀ ਹੈ ਤਾਂ ਉਹ ਆਪਣੀਆਂ ਸੇਵਾਵਾਂ ਬਿਹਤਰ ਤਰੀਕੇ ਨਾਲ ਨਿਭਾਅ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪਰ ਅਫਸੋਸ ਕਿ ਪੰਜਾਬ ਦੀ ਆਪ ਸਰਕਾਰ ਆਪਣੇ ਅਨਾੜੀ ਵਿੱਤੀ ਪ੍ਰਬੰਧਨ ਕਾਰਨ ਅੱਜ ਕਰਮਚਾਰੀਆਂ ਨੂੰ ਬਣਦੀ ਤਨਖਾਹ ਦੇਣ ਤੋਂ ਹੀ ਭੱਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਾਜਾ ਵਾਧੇ ਤੋਂ ਬਾਅਦ ਪੰਜਾਬ ਤੇ ਭਾਰਤ ਸਰਕਾਰ ਦੇ ਮੁਲਾਜਮਾਂ ਵਿਚ ਡੀਏ ਦਾ ਇਹ ਫਰਕ 18 ਫੀਸਦੀ ਹੋ ਗਿਆ ਹੈ। ਹੋਰ ਤਾਂ ਹੋਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਵਿਚ ਵੀ ਮੁਲਾਜਮਾਂ ਨੂੰ ਪੂਰਾ ਡੀਏ ਮਿਲ ਰਿਹਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀਆਂ ਮਸ਼ਹੂਰੀਆਂ ਤੇ ਪਾਰਟੀ ਦੇ ਪ੍ਰਚਾਰ ਵਾਲੀਆਂ ਰੈਲੀਆਂ ਤੇ ਸਰਕਾਰੀ ਪੈਸਾ ਖਰਚ ਕਰਨ ਦੀ ਬਜਾਏ ਬਿਨ੍ਹਾਂ ਦੇਰੀ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣਾ ਚਾਹੀਦਾ ਹੈ।