ਪੰਜਾਬ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ
  • PublishedApril 28, 2026

ਦੂਜੇ ਪੜਾਅ ਅਧੀਨ ਵੱਖ-ਵੱਖ ਕਲੱਸਟਰਾਂ ਤੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੇ ਲਿਆ ਧਾਰਮਿਕ ਯਾਤਰਾ ਦਾ ਲਾਹਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪੜਾਅ ਅਧੀਨ ਲਗਭਗ 35,500 ਸ਼ਰਧਾਲੂਆਂ ਨੇ ਕੀਤੇ ਮੁਫ਼ਤ ਦਰਸ਼ਨ-ਦੀਦਾਰੇ

ਚੰਡੀਗੜ੍ਹ, 28 ਅਪ੍ਰੈਲ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।

ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23,747 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6,160 ਸ਼ਰਧਾਲੂਆਂ ਨੂੰ ਦਰਸ਼ਨ-ਦੀਦਾਰੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਮੁੱਖ ਮੰਤਰੀ ਤੀਰਥ ਯਾਤਰਾ” ਦੇ ਪਹਿਲੇ ਪੜਾਅ ਤਹਿਤ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ ਤੇ ਲਿਜਾਇਆ ਜਾ ਰਿਹਾ ਹੈ।

ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।

Written By
The Punjab Wire