Close

Recent Posts

CORONA ਰਾਜਨੀਤੀ

ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਸਤੰਬਰ ਨੂੰ ਸੂਬੇ ਭਰ ਵਿਚ ਕੀਤਾ ਜਾਵੇਗਾ ‘ਚੱਕਾ ਜਾਮ’

ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਸਤੰਬਰ ਨੂੰ ਸੂਬੇ ਭਰ ਵਿਚ ਕੀਤਾ ਜਾਵੇਗਾ ‘ਚੱਕਾ ਜਾਮ’
  • PublishedSeptember 22, 2020

1 ਅਕਤੂਬਰ ਨੂੰ ਸੂਬੇ ਵਿਚ ਤਿੰਨੇ ਤਖ਼ਤਾਂ ਤੋਂ ਮੁਹਾਲੀ ਤੱਕ ‘ਕਿਸਾਨ ਮਾਰਚ’ ਕੱਢਿਆ ਜਾਵੇਗਾ

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਵੱਲੋਂ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਸਾਂਝੀ ਰਣਨੀਤੀ ਬਣਾਉਣ ਵਾਸਤੇ ਹਮਖਿਆਲੀ ਖੇਤਰੀ ਪਾਰਟੀਆਂ ਨਾਲ ਗੱਲਬਾਤ ਕਰਨ ਦਾ ਫੈਸਲਾ

ਚੰਡੀਗੜ੍ਹ, 22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੂਬੇ ਵਿਚ 25 ਸਤੰਬਰ ਨੂੰ ‘ਚੱਕਾ ਜਾਮ’ ਕਰਨ ਸਮੇਤ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੋਹਾਲੀ ਤੱਕ ‘ਕਿਸਾਨ ਮਾਰਚ’ ਕੱਢਿਆ ਜਾਵੇਗਾ ਤੇ ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਜਾਵੇਗਾ।

ਇਸ ਬਾਰੇ ਫੈਸਲਾ ਕੱਲ੍ਹ ਰਾਤ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਪ੍ਰਧਾਨ 26 ਤੋਂ 29 ਸਤੰਬਰ ਤੱਕ ਸੂਬੇ ਦੇ ਵੱਖ ਵੱਖ ਹਿੱਸਿਆਂ ਦਾ ਦੌਰਾ ਕਰ ਕੇ ਪਾਰਟੀ ਕੇਡਰ ਨਾਲ ਗੱਲਬਾਤ ਕਰਨਗੇ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ 25 ਸਤੰਬਰ ਨੂੰ ਸੂਬੇ ਭਰ ਵਿਚ ‘ਚੱਕਾ ਜਾਮ’ ਕੀਤਾ ਜਾਵੇਗਾ। ਪਾਰਟੀ ਆਗੂ ਤੇ ਵਰਕਰ ਸਾਰੇ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮਿਲ ਕੇ ਚੱਕਾ ਜਾਮ ਕਰਨਗੇ। ਪਾਰਟੀ 11 ਤੋਂ 2 ਵਜੇ ਤੱਕ ਤਿੰਨ ਘੰਟੇ ਦਾ ਇਹ ਪ੍ਰੋਗਰਾਮ ਕਰੇਗੀ ਪਰ ਪਾਰਟੀ ਨੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਐਮਰਜੰਸੀ ਸੇਵਾਵਾਂ ਦੇ ਰਾਹ ਵਿਚ ਕੋਈ ਰੁਕਾਵਟ ਨਾ ਪਾਈ ਜਾਵੇ।

ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ 1 ਅਕਤੂਬਰ ਨੂੰ ਤਿੰਨੇ ਤਖ਼ਤਾਂ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਕਿਸਾਨ ਮਾਰਚ’ ਕੱਢਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮਾਰਚ ਦੀ ਅਗਵਾਈ ਕਰਨਗੇ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਸ੍ਰੀ ਕੇਸਗੜ੍ਹ ਸਾਹਿਬ ਤੋਂ ਮਾਰਚ ਦੀ ਅਗਵਾਈ ਕਰਨਗੇ। ਪਾਰਟੀ ਦੇ ਸੀਨੀਅਰ ਨੇਤਾ ਇਸ ਮਾਰਚ ਵਿਚ ਸ਼ਾਮਲ ਹੋਣਗੇ। ਸ੍ਰੀ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ ਤੇ ਸਿਕੰਦਰ ਸਿੰਘ ਮਲੂਕਾ ਤਲਵੰਡੀ ਸਾਬੋ ਵਿਚ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿਚ ਸ਼ਾਮਲ ਹੋਣਗੇ, ਸ੍ਰੀ ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਡਾ. ਉਪਿੰਦਰਜੀਤ ਕੌਰ ਤੇ ਬੀਬੀ ਜਗੀਰ ਕੌਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿਚ ਸ਼ਾਮਲ ਹੋਣਗੇ।
ਇਹ ਫੈਸਲਾ ਕੀਤਾ ਗਿਆ ਕਿ ਇਹ ਮਾਰਚ ਮੁਹਾਲੀ ਦੇ ਦੁਸ਼ਹਿਰਾ ਗਰਾਉਂਡ ਵਿਚ ਸਮਾਪਤ ਹੋਵੇਗਾ ਜਿਸ ਮਗਰੋਂ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਦੇ ਰਾਜਪਾਲ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇਣਗੇ।

ਕੋਰ ਕਮੇਟੀ ਨੈ ਇਹ ਵੀ ਫੈਸਲਾ ਕੀਤਾ ਕਿ ਉਹ ਦੇਸ਼ ਵਿਚ ਸਾਰੀਆਂ ਹਮਖਿਆਲੀ ਖੇਤਰੀ ਪਾਰਟੀਆਂ ਨਾਲ ਸੰਪਰਕ ਕਰੇਗੀ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਖਾਰਜ ਕਰਵਾਉਣ ਵਾਸਤੇ ਸਾਂਝੀ ਲੜਾਈ ਲੜਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨਾਲ ਕੀਤਾ ਗਿਆ ਵਿਤਕਰਾ ਖਤਮ ਕਰਨ ਵਾਸਤੇ ਸਾਰੇ ਤਰਕਸੰਗਤ ਕਦਮ ਚੁੱਕੇ ਜਾਣਗੇ।

Written By
The Punjab Wire