ਲੋਕ ਸਰਕਾਰ, ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ
ਗੁਰਦਾਸਪੁਰ, 23 ਸਤੰਬਰ ( ਮੰਨਨ ਸੈਣੀ) । ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਜੰਗ ਵਿੱਚ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਦੀ ਹਦਾਇਤਾਂ ਦੀ ਉਲੰਘਣਾ ਨਾ ਹੋਵੇ। ਉਨਾਂ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਖੇ 21 ਮਈ 2020 ਤੋਂ ਲੈ ਕੇ 20 ਸਤੰਬਰ 2020 ਤਕ ਮਾਸਕ ਨਾ ਪਹਿਨਣ ‘ਤੇ 9683 ਚਲਾਨ ਕੀਤੇ ਗਏ ਹਨ ਤੇ 43 ਲੱਖ 71 ਹਜਾਰ, 330 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਹੈ। ਜਨਤਕ ਸਥਾਨ ਤੇ ਥੁੱਕਣ ਤੇ 820 ਚਲਾਨ ਕੱਟ ਕੇ 3 ਲੱਖ 52 ਹਜ਼ਾਰ 400 ਰੁਪਏ, ਸ਼ੋਸਲ ਡਿਸਟੈਂਸ ਦੀ ਉਲੰਘਣਾ ਕਰਨ ਤੇ 477 ਚਲਾਨ ਕੱਟ ਕੇ 2 ਲੱਖ 79 ਹਜਾਰ 500 ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਹੋਮ ਕੁਆਇੰਨਟਾਇਨ ਦੀ ਉਲੰਘਣਾ ਕਰਨ ਵਾਲੇ 09 ਵਿਅਕਤੀਆਂ ਦੇ ਚਲਾਨ ਕਰਕੇ 18 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਕੁਲ 50 ਲੱਖ 21 ਹਜ਼ਾਰ 200 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟਰੈਫਿਕ ਪੁਲਿਸ ਵਲੋਂ ਦੋ ਪਹੀਆ ਵਾਹਨਾਂ ਦੇ 9553 ਚਲਾਨ, ਚਾਰ ਪਹੀਆ ਵਾਹਨ ਦੇ 77 ਚਲਾਨ ਅਤੇ 246 ਵਹੀਕਲ ਇਪਾਊਂਡ ਕੀਤੇ ਗਏ ਹਨ।
ਐਸ.ਐਸ.ਪੀ ਨੇ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਇਆ ਜਾਵੇ ਅਤੇ ਸ਼ੋਸਲ ਡਿਸਟੈਂਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਉਨਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ ਅਤੇ ਅਜਿਹੀਆਂ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ।